ਮਲੇਰਕੋਟਲਾ, 31 ਜੁਲਾਈ (ਮੁਹੰਮਦ ਹਨੀਫ਼ ਥਿੰਦ)-ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੀ ਰੋਕਥਾਮ, ਜਾਗਰੂਕਤਾ ਗਤੀਵਿਧੀਆਂ, ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਵੱਖ-ਵੱਖ ਵਿਭਾਗਾਂ ਵਿਚਾਲੇ ਆਪਸੀ ਤਾਲਮੇਲ ਨੂੰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇ ਅਤੇ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਡੀ.ਐਸ.ਪੀ (ਐਨ.ਡੀ.ਪੀ.ਐੱਸ.) ਯਾਦਵਿੰਦਰ ਸਿੰਘ ਨੇ ਪੁਲਿਸ ਵਿਭਾਗ ਦੀ ਕਾਰਜਕੁਜਾਰੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੁਲਾਈ ਤੋਂ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 81 ਮੁੁਕੱਦਮੇ ਦਰਜ ਕਰਕੇ 105 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ 216 ਗ੍ਰਾਮ ਹੈਰੋਇਨ, 30 ਕਿਲੋਗ੍ਰਾਮ ਭੁੱਕੀ, 598 ਗੋਲੀਆਂ/ਕੈਪਸੂਲ, 1 ਕਿਲੋਗ੍ਰਾਮ ਅਫੀਮ ਅਤੇ 2 ਵਾਹਨ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ 67 ਜਾਗਰੂਕਤਾ ਸੈਮੀਨਾਰ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਜੀਲਾ ਖਾਨ, ਡਾ. ਸ਼ਗੁਫ਼ਤਾ, ਖੇਤੀਬਾੜੀ ਅਫ਼ਸਰ ਕੁਲਬੀਰ ਸਿੰਘ, ਜ਼ਿਲ੍ਹਾ ਡਰੱਗ ਇੰਸਪੈਕਟਰ ਨਵਪ੍ਰੀਤ ਸਿੰਘ, ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਹਰਪ੍ਰੀਤ ਸਿੰਘ, ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਕਮਲੇਸ਼ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।