ਖੇਡ ਮੈਦਾਨ ਲੋਕਾਂ ਨੂੰ ਕੀਤਾ ਸਮਰਪਿਤ
ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਬਿਗੜਵਾਲ ਵਿਖੇ 33. 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਇਸ ਨੂੰ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਸਮਰਪਿਤ ਕੀਤਾ।
ਸੁਨਾਮ ਊਧਮ ਸਿੰਘ ਵਾਲਾ, 26 ਅਗਸਤ (ਰੁਪਿੰਦਰ ਸਿੰਘ ਸੱਗੂ, ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਨਵੇਂ ਖੇਡ ਮੈਦਾਨ ਦਾ ਉਦਘਾਟਨ ਕਰਦਿਆਂ ਇਸ ਨੂੰ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਸਮਰਪਿਤ ਕੀਤਾ। ਇਹ ਖੇਡ ਮੈਦਾਨ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਹੈ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿੱਚ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਖੇਡ ਮੈਦਾਨ ਬਣਾਉਣਾ ਹੀ ਨਹੀਂ, ਸਗੋਂ ਇਨ੍ਹਾਂ ਨੂੰ ਨੌਜਵਾਨਾਂ ਦੇ ਸਰਵਪੱਖੀ ਵਿਕਾਸ, ਸਿਹਤਮੰਦ ਜੀਵਨ-ਸ਼ੈਲੀ ਅਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਦੇ ਕੇਂਦਰ ਵਜੋਂ ਵਿਕਸਤ ਕਰਨਾ ਹੈ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਵਿੱਚ ਅਨੁਸ਼ਾਸਨ, ਮਿਹਨਤ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਬਿਹਤਰ ਖੇਡ ਸਹੂਲਤਾਂ ਉਪਲਬਧ ਹੋਣ ਨਾਲ ਨੌਜਵਾਨਾਂ ਨੂੰ ਆਪਣੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਉਣ ਦੇ ਵੱਧ ਮੌਕੇ ਮਿਲਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਬਿਗੜਵਾਲ ਵਿਖੇ ਤਿਆਰ ਕੀਤਾ ਗਿਆ ਇਹ ਖੇਡ ਮੈਦਾਨ ਸਥਾਨਕ ਨੌਜਵਾਨਾਂ ਲਈ ਖੇਡਾਂ ਦੀ ਤਿਆਰੀ ਕਰਨ ਅਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਇੱਕ ਮਹੱਤਵਪੂਰਨ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਪਿੰਡ ਵਾਸੀਆਂ ਅਤੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਖੇਡ ਮੈਦਾਨ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਇਸ ਦੀ ਸਾਂਭ - ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਦੇ ਨਾਲ-ਨਾਲ ਸਿੱਖਿਆ, ਸਿਹਤ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਬਿਹਤਰ ਸਹੂਲਤਾਂ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਉਪਲਬਧ ਕਰਵਾਈਆਂ ਜਾਣ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਦਾ ਰਾਹ ਇਸ ਦੇ ਪਿੰਡਾਂ ਦੇ ਵਿਕਾਸ ਨਾਲ ਜੁੜਿਆ ਹੋਇਆ ਹੈ ਅਤੇ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸੁਨਾਮ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ’ਤੇ ਖੇਡ ਬੁਨਿਆਦੀ ਢਾਂਚੇ ਦੇ ਵਿਸਥਾਰ ’ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਸੁਨਾਮ ਹਲਕੇ ਵਿੱਚ ਵੀ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਅਤੇ ਸਟੇਡੀਅਮਾਂ ਦੇ ਨਿਰਮਾਣ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ-ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਪਿੰਡ ਵਾਸੀ ਤੇ ਖਿਡਾਰੀ ਹਾਜ਼ਰ ਸਨ ।