ਸਰੀਰਕ ਸਿੱਖਿਆ ਅਧਿਆਪਕ 2 ਨੂੰ ਮੁੱਖ ਮੰਤਰੀ ਨਿਵਾਸ ਸੰਗਰੂਰ ਦਾ ਕਰਨਗੇ ਘਿਰਾਓ
ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੀ. ਐੱਸ.
ਸੰਗਰੂਰ, 29 ਸਤੰਬਰ (ਅਮਨਦੀਪ ਸਿੰਘ ਬਿੱਟਾ) - ਪੀ.ਐੱਸ.ਟੈੱਟ ਪਾਸ ਬੇਰੁਜ਼ਗਾਰ ਡੀ.ਪੀ.ਈ. ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 2 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕਰੇਗੀ। ਰਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਸਾਰੇ ਸੂਬਿਆਂ ’ਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਦੂਜੇ ਪਾਸੇ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਵੱਡੀ ਘਾਟ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸਰੀਰਕ ਸਿੱਖਿਆ ਅਤੇ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਸਹਾਇਕ ਹਨ। ਇਸ ਦੇ ਬਾਵਜੂਦ ਸਰਕਾਰੀ ਸਕੂਲਾਂ ਵਿੱਚ ਸਰੀਰਕ ਸਿੱਖਿਆ ਨਾਲ ਸੰਬੰਧਿਤ ਅਧਿਆਪਕਾਂ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਸਰਕਾਰ ਦੇ ਧਿਆਨ ਵਿੱਚ ਲਿਆਉਣ ਅਤੇ ਸਰੀਰਕ ਸਿੱਖਿਆ ਦੇ ਮਾਸਟਰ ਕਾਡਰ ਦੀ ਭਰਤੀ ਲਈ ਯੂਨੀਅਨ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਬੈਂਸ ਨੇ ਕਿਹਾ ਕਿ ਸਰਕਾਰ ਵਲੋਂ ਲਗਾਤਾਰ ਭਰਤੀਆਂ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਯੂਨੀਅਨ ਦਾ ਦੋਸ਼ ਹੈ ਕਿ ਸਰੀਰਕ ਸਿੱਖਿਆ ਦੇ ਖੇਤਰ ਵਿੱਚ ਲੋੜ ਅਨੁਸਾਰ ਭਰਤੀ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਰੀਰਕ ਸਿੱਖਿਆ ਲੈਕਚਰਾਰ ਅਤੇ ਡੀ.ਪੀ.ਈ. ਦੀਆਂ ਖ਼ਾਲੀ ਅਸਾਮੀਆਂ ਦੀ ਗਿਣਤੀ ਜਨਤਕ ਕਰਕੇ ਤੁਰੰਤ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ । ਇਸ ਮੌਕੇ ਦਰਸ਼ਨ ਸਿੰਘ, ਹਰਦੀਪ ਸਿੰਘ, ਨਵਦੀਪ ਸਿੰਘ, ਮਨਪ੍ਰੀਤ ਸਿੰਘ, ਰਗਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਮਾਨਸਾ ਆਦਿ ਹਾਜ਼ਰ ਸਨ।