ਮਲੇਰਕੋਟਲਾ ਦੇ ਬਾਜ਼ਾਰਾਂ ’ਚ ਨਾਜਾਇਜ਼ ਕਬਜ਼ਿਆਂ ’ਤੇ ਟ੍ਰੈਫ਼ਿਕ ਪੁਲਿਸ ਦੀ ਸਖ਼ਤੀ
ਲੋਕਾਂ ਨੇ ਸੜਕਾਂ ’ਤੇ ਕੀਤੇ ਕਬਜ਼ੇ ਹਟਾਏ
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਐੱਸ. ਐੱਸ.
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਦੇ ਐੱਸ.ਐੱਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਵਲੋਂ ਸ਼ਹਿਰ ਅੰਦਰ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸੜਕਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਮਲੇਰਕੋਟਲਾ ਦੇ ਵੱਖ-ਵੱਖ ਬਾਜ਼ਾਰਾਂ ਵਿਚ ਕਾਰਵਾਈ ਕੀਤੀ ਗਈ। ਇਹ ਕਾਰਵਾਈ ਜ਼ਿਲ੍ਹਾ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਸਬ-ਇੰਸਪੈਕਟਰ ਹਰਭਜਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਟ੍ਰੈਫ਼ਿਕ ਪੁਲਿਸ ਦੀ ਟੀਮ ਵਲੋਂ ਬਾਜ਼ਾਰਾਂ ਦਾ ਦੌਰਾ ਕਰਕੇ ਸੜਕਾਂ ਅਤੇ ਰਸਤੇ ਵਿਚ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ। ਇਸ ਦੌਰਾਨ ਦੁਕਾਨਾਂ ਦੇ ਬਾਹਰ ਸਾਮਾਨ ਰੱਖ ਕੇ ਆਵਾਜਾਈ ਵਿਚ ਰੁਕਾਵਟ ਪੈਦਾ ਕਰਨ ਵਾਲੇ ਕਬਜ਼ਿਆਂ ਨੂੰ ਵੀ ਹਟਾਉਣ ਦੀ ਕਾਰਵਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਮਲੇਰਕੋਟਲਾ ਸ਼ਹਿਰ ਦੇ ਕਈ ਬਾਜ਼ਾਰਾਂ ਵਿਚ ਦੁਕਾਨਦਾਰਾਂ ਅਤੇ ਹੋਰ ਲੋਕਾਂ ਵਲੋਂ ਸੜਕਾਂ ਦੇ ਕੁਝ ਹਿੱਸਿਆਂ ’ਤੇ ਸਾਮਾਨ ਰੱਖਣ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਾਰਨ ਕਈ ਵਾਰ ਬਾਜ਼ਾਰਾਂ ਵਿਚ ਟ੍ਰੈਫ਼ਿਕ ਜਾਮ ਦੀ ਸਥਿਤੀ ਵੀ ਪੈਦਾ ਹੋ ਜਾਂਦੀ ਸੀ। ਟ੍ਰੈਫ਼ਿਕ ਪੁਲਿਸ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਨਾਲ ਬਾਜ਼ਾਰਾਂ ਵਿਚ ਆਵਾਜਾਈ ਲਈ ਵਧੇਰੇ ਥਾਂ ਉਪਲਬਧ ਹੋਣ ਦੀ ਉਮੀਦ ਹੈ। ਇਲਾਕਾ ਵਾਸੀਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਪ੍ਰੈੱਸ ਰਾਹੀਂ ਅਪੀਲ ਕੀਤੀ ਕਿ ਜਿਹੜੇ ਲੋਕ ਅਜੇ ਵੀ ਸੜਕਾਂ ਜਾਂ ਜਨਤਕ ਰਸਤਿਆਂ ’ਤੇ ਨਾਜਾਇਜ਼ ਕਬਜ਼ੇ ਕਰਕੇ ਟ੍ਰੈਫ਼ਿਕ ਵਿਚ ਵਿਘਨ ਪੈਦਾ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।