‘ਆਪ’ ਸਰਕਾਰ ਨੇ ਪੰਜਾਬ ਵਿਚ ਪੁਲਿਸ ਰਾਜ ਕੀਤਾ ਸਥਾਪਿਤ-ਚਰਨਜੀਤ ਸਿੰਘ ਚੰਨੀ
ਬਰਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਚੰਗਾ, ਪਾਰਦਰਸ਼ੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਵਾਲਾ ਸ਼ਾਸਨ ਸਥਾਪਤ ਕਰਨ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕਰ ਕੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ।
ਬਰਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਚੰਗਾ, ਪਾਰਦਰਸ਼ੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਵਾਲਾ ਸ਼ਾਸਨ ਸਥਾਪਤ ਕਰਨ ਦੇ ਉਦੇਸ਼ ਨਾਲ ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕਰ ਕੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਇਸ ਰੈਲੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਸ: ਚਰਨਜੀਤ ਸਿੰਘ ਚੰਨੀ ਨੇ ਵਿਧਾਇਕ ਸ: ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ : ਚੰਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਨੂੰ ਮੁੜ ਵਿਕਾਸ, ਅਮਨ-ਸ਼ਾਂਤੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਲੀਹ ’ਤੇ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ ਪਰ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉੱਤਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲੋਕਤੰਤਰੀ ਢੰਗ ਨਾਲ ਸਰਕਾਰ ਚਲਾਉਣ ਦੀ ਬਜਾਏ ਪੁਲਿਸ ਰਾਜ ਵਰਗੇ ਹਾਲਾਤ ਪੈਦਾ ਕਰ ਦਿੱਤੇ ਗਏ ਹਨ ਅਤੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਨੌਜਵਾਨ ਨਸ਼ਿਆਂ ਦੀ ਲਪੇਟ ਵਿਚ ਆ ਰਹੇ ਹਨ, ਜਦਕਿ ਗੈਂਗਸਟਰਵਾਦ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਭ੍ਰਿਸ਼ਟਾਚਾਰ ਵਿਚ ਵੀ ਵਾਧਾ ਹੋਣ ਕਾਰਨ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਵਰਗ ਅਜਿਹਾ ਨਹੀਂ, ਜਿਹੜਾ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਹੋਵੇ। ਕਿਸਾਨ, ਮਜ਼ਦੂਰ, ਵਪਾਰੀ, ਮੁਲਾਜ਼ਮ ਅਤੇ ਨੌਜਵਾਨ ਵਰਗ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ ਅਤੇ ਲੋਕ ਹੁਣ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਦਾ ਮਨ ਬਣਾ ਚੁੱਕੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਅਤੇ ਹਰਮੀਤ ਸਿੰਘ ਪਠਾਣਮਾਜਾ ਵਲੋਂ ਪਾਰਟੀ ਤੋਂ ਅਸਤੀਫ਼ਾ ਦੇਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸ: ਚੰਨੀ ਨੇ ਵੱਡਾ ਸਿਆਸੀ ਦਾਅਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਿਰਫ਼ ਇਹ ਦੋ ਵਿਧਾਇਕ ਹੀ ਨਹੀਂ, ਸਗੋਂ ਪਾਰਟੀ ਦੇ 45 ਹੋਰ ਵੱਡੇ ਚਿਹਰੇ ਵੀ ਪਾਰਟੀ ਛੱਡਣ ਲਈ ਤਿਆਰ ਬੈਠੇ ਹਨ। ਆਗਾਮੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਐਲਾਨ ਸਬੰਧੀ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਚੋਣ ਤਿਆਰੀਆਂ ਨੂੰ ਲੈ ਕੇ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ। ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਣ ਉਪਰੰਤ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੀਆਂ ਟਿਕਟਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਲੋਕ ਸਭਾ ਮੈਂਬਰ ਮੁਹੰਮਦ ਸਦੀਕ, ਸੂਰਤ ਸਿੰਘ ਬਾਜਵਾ, ਵਰੁਣ ਬੱਤਾ, ਬਾਜ਼ ਸਿੰਘ ਰਟੋਲ, ਹਰਿੰਦਰ ਦਾਸ ਤੋਤਾ, ਮਨਜੀਤ ਸਿੰਘ ਗੁਰੂ ਆਦਿ ਆਗੂ ਹਾਜ਼ਰ ਸਨ।