ਫ਼ਿਰੋਜ਼ਪੁਰ, 2 ਜਨਵਰੀ (ਸੁਖਵਿੰਦਰ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 4 ਜਨਵਰੀ ਨੂੰ ਪੀ. ਐੱਸ. ਟੀ. ਐੱਸ. ਈ./ਐਨ. ਐੱਮ. ਐੱਮ. ਐੱਸ. ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਵਿਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਲਗਵਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.), ਫ਼ਿਰੋਜ਼ਪੁਰ ਵਲੋਂ ਸੂਚਿਤ ਕੀਤਾ ਗਿਆ ਹੈ ਕਿ 4 ਜਨਵਰੀ ਨੂੰ ਪ੍ਰੀਖਿਆ ਹੋ ਰਹੀ ਹੈ | ਜਿਸ 'ਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਕੁੱਲ 10 ਕੇਂਦਰ ਬਣਾਏ ਗਏ ਹਨ | ਇਸ ਸੰਬੰਧੀ ਉਨ੍ਹਾਂ ਵਲੋਂ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਧਾਰਾ 163 ਲਗਾਉਣ ਲਈ ਬੇਨਤੀ ਕੀਤੀ ਗਈ ਹੈ | ਇਨ੍ਹਾਂ ਪ੍ਰੀਖਿਆ ਕੇਂਦਰਾਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫ਼ਿਰੋਜ਼ਪੁਰ, ਡੀ. ਏ. ਵੀ. ਗਰਲ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਕੈਂਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫ਼ਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਜ਼ੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗੁਰੂਹਰਸਹਾਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਜ਼ੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰੂਹਰਸਹਾਏ, ਸਰਕਾਰੀ ਹਾਈ ਸਕੂਲ ਛਾਂਗਾ ਰਾਏ ਉਤਾੜ, ਐਮ. ਐਲ. ਐਮ. ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ ਅਤੇ ਸਰਕਾਰੀ ਹਾਈ ਸਕੂਲ ਮੋਹਣ ਕੇ ਹਿਠਾੜ ਸਕੂਲ ਸ਼ਾਮਿਲ ਹਨ | ਇਹ ਹੁਕਮ ਇਨ੍ਹਾਂ ਪ੍ਰੀਖਿਆਵਾਂ ਤੇ ਡਿਊਟੀ ਦੇ ਰਹੇ ਮੁਲਾਜ਼ਮਾਂ 'ਤੇ ਲਾਗੂ ਨਹੀਂ ਹੋਣਗੇ |