ਮੱਖੂ, 3 ਜਨਵਰੀ (ਕੁਲਵਿੰਦਰ ਸਿੰਘ ਸੰਧੂ)-ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਦੱਸਿਆ ਕਿ ਜਦ ਤੱਕ ਸਰਕਾਰਾਂ ਸਾਡੀਆਂ ਹੱਕੀ ਮੰਗਾਂ 'ਤੇ ਵਿਚਾਰ ਨਹੀਂ ਕਰਦੀਆਂ ਉਦੋਂ ਤੱਕ ਇਹ ਕਿਸਾਨ ਮੋਰਚਾ ਜਾਰੀ ਰਹੇਗਾ | 31 ਹੜ੍ਹ ਪੀੜਤ ਕਿਸਾਨ ਰੋਜ਼ਾਨਾ ਹਰੀਕੇ ਹੈੱਡ ਵਰਕਸ ਦੇ ਉੱਪਰ ਭੁੱਖ ਹੜਤਾਲ 'ਤੇ ਬੈਠਣਗੇ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਜਥੇਬੰਦੀਆਂ ਵਲੋਂ ਰੋਜ਼ਾਨਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ, ਭਾਰਤੀ ਕਿਸਾਨ ਯੂਨੀਅਨ ਮਝੈਲ, ਕੁਲ ਹਿੰਦ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਅਰਾਈਆਂਵਾਲਾ ਦੇ ਆਗੂ ਅਤੇ ਵਰਕਰ ਰੋਜ਼ਾਨਾ ਇਸ ਧਰਨੇ ਵਿਚ ਪਹੁੰਚਦੇ ਹਨ ਅਤੇ ਸਾਨੂੰ ਹਰ ਪ੍ਰਕਾਰ ਦਾ ਸਹਿਯੋਗ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੁਆਵਜ਼ਾ ਸਾਰੇ ਕਿਸਾਨਾਂ ਨੂੰ ਨਹੀਂ ਮਿਲਿਆ ਅਤੇ ਜੋ ਸਮਾਜ ਸੇਵੀ ਸੰਸਥਾਵਾਂ ਵਲੋਂ ਸਾਡਾ ਸਹਿਯੋਗ ਕੀਤਾ ਗਿਆ ਹੈ | ਉਸ ਦਾ ਅਸੀਂ ਹਮੇਸ਼ਾ ਧੰਨਵਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਸਾਡੀਆਂ ਸਾਰੀਆਂ ਮੰਗਾਂ ਬਿਲਕੁਲ ਜਾਇਜ਼ ਹਨ ਜੇਕਰ ਸਰਕਾਰਾਂ ਨੂੰ ਲੱਗਦਾ ਹੈ ਕਿ ਅਸੀਂ ਆਪਣੇ ਮੁੱਦੇ ਨੂੰ ਸਹੀ ਤਰੀਕੇ ਨਾਲ ਨਹੀਂ ਉਠਾ ਰਹੇ ਤਾਂ ਉਹ ਸਾਡੇ ਨਾਲ ਗੱਲਬਾਤ ਕਰਨ | ਉਨ੍ਹਾਂ ਕਿਹਾ ਕਿ ਜਦ ਵੀ ਅਸੀਂ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹਿਆ ਹੈ ਤਾਂ ਉਨ੍ਹਾਂ ਸਾਨੂੰ ਮਿਲਣ ਦਾ ਮੌਕਾ ਨਹੀਂ ਦਿੱਤਾ | ਇਸ ਗੱਲ 'ਤੇ ਸਾਬਤ ਹੁੰਦਾ ਕਿ ਸਰਕਾਰ ਹੜ੍ਹ ਪੀੜਤ ਕਿਸਾਨਾਂ ਨਾਲ ਕੋਈ ਹਮਦਰਦੀ ਨਹੀਂ ਰੱਖਦੀ ਸਿਰਫ਼ ਸਿਆਸਤ ਕਰਕੇ ਆਪਣੀਆਂ ਰੋਟੀਆਂ ਸੇਕ ਰਹੀ ਹੈ |