ਜਲਾਲਾਬਾਦ, 4 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕ ਅਰਾਈਆਂਵਾਲਾ (ਫਲੀਆਵਾਲਾ) ਵਿਖੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ | ਸਵੇਰੇ ਪਹਿਲਾਂ ਰੱਖੇ ਹੋਏ ਸ੍ਰੀ ਅਖੰਡ ਪਾਠ ਦਾ ਮੱਧ ਦਾ ਪਾਠ ਪਾਇਆ ਅਤੇ ਇਸ ਦੇ ਪਿੰਡ ਦੇ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਤੋਂ ਇਹ ਨਗਰ ਕੀਰਤਨ ਗ੍ਰੰਥੀ ਸਿੰਘ ਭਾਈ ਬਖ਼ਸ਼ੀਸ਼ ਸਿੰਘ ਜੀ ਵਲੋਂ ਅਰਦਾਸ ਕਰਨ ਉਪਰੰਤ ਵਾਹਿਗੁਰੂ ਦੇ ਜੈਕਾਰਿਆਂ ਨਾਲ ਆਰੰਭ ਹੋਇਆ | ਨਗਰ ਕੀਰਤਨ ਦੌਰਾਨ ਕੀਰਤਨੀ ਜਥੇ ਵਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਕੁਰਬਾਨੀਆਂ ਭਰੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ | ਨਗਰ ਕੀਰਤਨ ਦਾ ਪਿੰਡ ਦੇ ਹਰੇਕ ਗਲੀ ਤੇ ਚੌਕ 'ਚ ਸੰਗਤਾਂ ਵਲੋਂ ਭਰਵਾ ਸਵਾਗਤ ਕਰਦਿਆਂ ਅਨੇਕਾਂ ਤਰ੍ਹਾਂ ਦੇ ਪ੍ਰਸ਼ਾਦ ਲਾਏ ਗਏ | ਪਾਲਕੀ ਸਾਹਿਬ ਲਈ ਰੁਮਾਲਾ ਸਾਹਿਬ ਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ | ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਿੱਸਾ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਫ਼ਾਜ਼ਿਲਕਾ ਤੋਂ ਸ੍ਰੀ ਸੁਖਮਨੀ ਸਾਹਿਬ ਚੜ੍ਹਦੀ ਕਲਾਂ ਗਤਕਾ ਅਖਾੜਾ ਦੀ ਟੀਮ ਵਲੋਂ ਸਿੱਖੀ ਦੇ ਇਤਿਹਾਸ ਨੂੰ ਦਰਸਾਉਂਦੇ ਗਤਕੇ ਦੇ ਜੌਹਰ ਦਿਖਾਏ ਗਏ | ਇਸ ਬਾਰੇ ਸੇਵਾਦਾਰਾਂ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਜਿਸ ਸੰਬੰਧ 'ਚ 3 ਜਨਵਰੀ ਨੂੰ ਸ੍ਰੀ ਅਖੰਡ ਪਾਠ ਦਾ ਆਰੰਭ ਹੋਇਆ ਹੈ, ਜਦ ਕਿ ਅੱਜ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ, ਦੇਰ ਸ਼ਾਮ ਨੂੰ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ ਅਤੇ 5 ਜਨਵਰੀ ਨੂੰ ਰੱਖੇ ਹੋਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ |