ਫ਼ਿਰੋਜ਼ਪੁਰ, 5 ਜਨਵਰੀ (ਰਾਕੇਸ਼ ਚਾਵਲਾ)-ਗੁਰੂ ਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸੰਬੰਧੀ ਸ਼ਹਿਰ ਤੇ ਛਾਉਣੀ ਦੇ ਵੱਖ-ਵੱਖ ਗੁਰਦੁਆਰਿਆਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ | ਜ਼ਿਕਰਯੋਗ ਹੈ ਕਿ ਧਾਰਮਿਕ ਸਮਾਗਮ ਤੋਂ ਪਹਿਲਾ ਸ਼ਹਿਰ ਤੇ ਛਾਉਣੀ ਦੀਆਂ ਸੰਗਤਾਂ ਵਲੋਂ ਕੁੱਝ ਦਿਨ ਪਹਿਲਾ ਜਿੱਥੇ ਪ੍ਰਭਾਤ ਫੇਰੀਆਂ ਕੱਢੀਆਂ ਗਈਆਂ, ਉਥੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਏ ਗਏ, ਜਿਸ ਵਿਚ ਕੀਰਤਨੀਏ ਤੇ ਢਾਡੀ ਜਥਿਆਂ ਨੇ ਗੁਰ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸੇ ਲੜੀ ਦੇ ਚੱਲਦੇ ਛਾਉਣੀ ਦੇ ਖ਼ਾਲਸਾ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਅਗਵਾਈ ਅਤੇ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਮਨਾਉਂਦੇ ਹੋਏ ਧਾਰਮਿਕ ਸਮਾਗਮ ਕਰਵਾਇਆ | ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਸਾਹਿਬ ਦੇ ਭੋਗ ਨਾਲ ਹੋਈ, ਇਸ ਉਪਰੰਤ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਵਲੋਂ ਸ਼ਬਦ ਕੀਰਤਨ, ਗੋਬਿੰਦ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ, ਖ਼ਾਲਸਾ ਇਸਤਰੀ ਸਤਿਸੰਗ ਸਭਾ, ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੇ ਵਿਦਿਆਰਥੀਆਂ, ਗੁਰਮਤਿ ਵਿਚਾਰਾਂ ਭਾਈ ਬਲਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਜ਼ਾਮਨੀ ਸਾਹਿਬ ਅਤੇ ਅੰਤ ਵਿਚ ਭਾਈ ਗੁਰਚਰਨ ਸਿੰਘ ਜੀ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਪ੍ਰਧਾਨ ਸਤਿੰਦਰਜੀਤ ਸਿੰਘ ਨੇ ਅਗਲੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਅੱਜ 5 ਜਨਵਰੀ ਦੀ ਰਾਤ ਦੇ ਦੀਵਾਨ ਵੀ ਸ਼ਾਮ ਨੂੰ ਸ੍ਰੀ ਰਹਿਰਾਸ ਦੇ ਪਾਠ ਤੋਂ ਬਾਅਦ ਸਜਾਏ ਜਾਣਗੇ | ਜਿਸ 'ਚ ਭਾਈ ਜਰਨੈਲ ਸਿੰਘ, ਭਾਈ ਗੁਰਚਰਨ ਸਿੰਘ ਜੀ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਤੇ ਭਾਈ ਗੁਰਪ੍ਰੀਤ ਸਿੰਘ ਵਲੋਂ ਗੁਰਮਤਿ ਵਿਚਾਰਾਂ ਤਹਿਤ ਹਾਜ਼ਰੀ ਭਰੀ ਜਾਵੇਗੀ | ਇਸ ਮੌਕੇ ਪ੍ਰਬੰਧਕ ਕਮੇਟੀ ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਦੇ ਮੈਂਬਰ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |