ਫ਼ਿਰੋਜ਼ਪੁਰ, 5 ਜਨਵਰੀ (ਸੁਖਵਿੰਦਰ ਸਿੰਘ)-26 ਜਨਵਰੀ 2026 ਨੂੰ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਅਤੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰਨ ਦੀਆਂ ਹਦਾਇਤਾਂ ਕੀਤੀਆਂ | ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮਦ ਬੰਬਾਹ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦਾ ਸਮਾਗਮ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ. ਸੀ. ਦਫ਼ਤਰ ਫ਼ਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਜਾਵੇਗਾ | ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਸਮਰਪਿਤ ਕੋਰਿਓਗ੍ਰਾਫੀ, ਗਿੱਧਾ ਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਵਲੋਂ ਭਲਾਈ ਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਹਰ ਸਾਲ ਦੀ ਤਰ੍ਹਾਂ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਦੌਰਾਨ ਉਨ੍ਹਾਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸੰਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫ਼ਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ | ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਤੇ ਸੁਰੱਖਿਆ ਵਿਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖ਼ੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ | ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਪੀ. ਸੀ. ਐੱਸ. (ਅੰਡਰ ਟ੍ਰੇਨਿੰਗ), ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ,) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ,) ਸੁਨੀਤਾ ਰਾਣੀ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |