ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ 'ਤੇ ਵਾਰਡ ਨੰਬਰ 25 ਨਵੀਂ ਆਬਾਦੀ ਸ੍ਰੀ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਗੁਰਮਤਿ ਸਮਾਗਮ ਕਰਵਾਇਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ | ਰਾਗੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਪ੍ਰਸਿੱਧ ਸਮਾਜ ਸੇਵੀ ਅਜੈ ਸਚਦੇਵਾ ਤੇ ਪੂਜਾ ਲੂਥਰਾ ਸਚਦੇਵਾ ਵੀ ਗੁਰਦੁਆਰਾ ਸਾਹਿਬ ਵਿਚ ਨਤਮਸਤਕ ਹੋਏ | ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ 'ਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਵਚਨ, ਉਪਦੇਸ਼ ਅਤੇ ਗੁਰਬਾਣੀ ਨੂੰ ਹਰ ਵਿਅਕਤੀ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ | ਉਨ੍ਹਾਂ ਨੇ ਜ਼ੋਰ ਦਿੱਤਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਨਿਆਂ, ਬਰਾਬਰੀ ਅਤੇ ਨਿਡਰਤਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਅੱਜ ਦੇ ਸਮੇਂ 'ਚ ਵੀ ਅਪਣਾਉਣ ਦੀ ਲੋੜ ਹੈ | ਅਨੇਕ ਸੰਗਤਾਂ ਗੁਰੂ ਜੀ ਦੇ ਦੱਸੇ ਰਾਹਾਂ 'ਤੇ ਚੱਲ ਕੇ ਮਨੁੱਖਤਾ ਦੀ ਸੇਵਾ ਕਰ ਰਹੀਆਂ ਹਨ ਅਤੇ ਸਮਾਜ ਵਿਚ ਸਦਭਾਵਨਾ ਫੈਲਾ ਰਹੀਆਂ ਹਨ |