ਫ਼ਾਜ਼ਿਲਕਾ, 6 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਮਿਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਦੇ ਫ਼ਾਜ਼ਿਲਕਾ ਮੰਡਲ ਦੀ ਇਕ ਵਿਸ਼ੇਸ਼ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਹੋਈ | ਮੀਟਿੰਗ 'ਚ ਵੱਡੀ ਗਿਣਤੀ 'ਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ ਤੇ ਆਪਣੀਆਂ ਬਕਾਇਆ ਪਈਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ | ਮੀਟਿੰਗ ਦੌਰਾਨ ਪੈਨਸ਼ਨਰਾਂ ਨੇ 2.59 ਦੇ ਗੁਣਾਂਕ ਅਨੁਸਾਰ ਪੈਨਸ਼ਨ ਫਿਕਸ ਕਰਨ ਦੀ ਮੰਗ ਨੂੰ ਦੁਹਰਾਇਆ | ਸਰਕਾਰ ਵਲੋਂ ਰੋਕੀਆਂ ਗਈਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੇ ਪਿਛਲੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ | ਪੈਨਸ਼ਨਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਮਿਲਣ ਵਾਲੀ ਮੈਡੀਕਲ ਸਹੂਲਤ ਨੂੰ ਹੋਰ ਸੁਖਾਲਾ ਬਣਾਇਆ ਜਾਵੇ ਅਤੇ ਬਕਾਇਆ ਬਿੱਲਾਂ ਦਾ ਨਿਪਟਾਰਾ ਜਲਦੀ ਕੀਤਾ ਜਾਵੇ | ਐਸੋਸੀਏਸ਼ਨ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਤਾਂ ਉਹ ਸੂਬਾ ਕਮੇਟੀ ਦੇ ਸੱਦੇ 'ਤੇ ਤਿੱਖਾ ਸੰਘਰਸ਼ ਉਲੀਕਣਗੇ ਤੇ ਬਿਜਲੀ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਦਿਆਂ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਨਵੇਂ ਸਾਲ 2026 ਦਾ ਕੈਲੰਡਰ ਵੀ ਜਾਰੀ ਕੀਤਾ ਤੇ ਮੈਂਬਰਾਂ ਨੂੰ ਜਥੇਬੰਦੀ ਦੀ ਮਜ਼ਬੂਤੀ ਲਈ ਕੰਮ ਕਰਨ ਦੀ ਅਪੀਲ ਕੀਤੀ | ਇਸ ਮੌਕੇ ਰਾਧਾ ਕ੍ਰਿਸ਼ਨ, ਵਰਿੰਦਰ ਕੁਮਾਰ, ਭਜਨ ਲਾਲ, ਰੂਪ ਸਿੰਘ, ਮੁਨਸ਼ੀ ਰਾਮ, ਦਲਜੀਤ ਸਿੰਘ, ਵਸਾਵਾਂ ਰਾਮ ਸਕੱਤਰ, ਇੰਜ.ਰੰਗਾ ਸਿੰਘ ਪੈੱ੍ਰਸ ਸਕੱਤਰ ਆਦਿ ਹਾਜ਼ਰ ਸਨ |