19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਬੰਦੀ ਸਿੱਖਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਉੱਤਰੀਆਂ ਮੈਦਾਨ 'ਚ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 24-01-2026
ਫ਼ਿਰੋਜ਼ਪੁਰ, 23 ਜਨਵਰੀ (ਸੁਖਵਿੰਦਰ ਸਿੰਘ)-ਬੰਦੀ ਸਿੱਖਾਂ ਦੀ ਰਿਹਾਈ ਨਾ ਹੋਣ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਵਲੋਂ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ | ਇਹ ਐਲਾਨ ਭਾਈ ਲਖਬੀਰ ਸਿੰਘ ਮਹਾਲਮ, ਸਰਪ੍ਰਸਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਵਲੋਂ ਕੀਤਾ ਗਿਆ | ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਦੇਸ਼ ਦਾ ਸੰਵਿਧਾਨ ਬਣਾਇਆ ਗਿਆ ਸੀ ਅਤੇ ਦੇਸ਼ ਦੀ ਆਜ਼ਾਦੀ ਲਈ ਸਿੱਖ ਕੌਮ ਨੇ 97 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਪਰ ਦਿੱਲੀ ਦੇ ਹਾਕਮਾਂ ਵਲੋਂ ਸਿੱਖ ਕੌਮ ਨਾਲ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਦੱਸਿਆ ਕਿ 1984 ਵਿਚ ਦਰਬਾਰ ਸਾਹਿਬ 'ਤੇ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕਰਕੇ ਪਵਿੱਤਰ ਅਸਥਾਨ ਨੂੰ ਨੁਕਸਾਨ ਪਹੁੰਚਾਇਆ ਅਤੇ ਘਰਾਂ ਵਿਚੋਂ ਨੌਜਵਾਨਾਂ ਨੂੰ ਕੱਢ ਕੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕੀਤਾ ਗਿਆ | ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਘਰ ਵਿਚੋਂ ਚੁੱਕ ਕੇ ਸ਼ਹੀਦ ਕੀਤਾ ਗਿਆ, ਪਰ ਅੱਜ ਤੱਕ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਕੋਈ ਸਜ਼ਾ ਨਹੀਂ ਮਿਲੀ | ਉਨ੍ਹਾਂ ਆਰੋਪ ਲਗਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਤੇ ਇਨਸਾਫ਼ ਲਈ ਸੰਘਰਸ਼ ਕਰ ਰਹੇ ਸਿੱਖਾਂ 'ਤੇ ਗੋਲੀਆਂ ਚਲਾਈਆਂ ਗਈਆਂ, ਜਦਕਿ 32 ਸਾਲ ਤੱਕ ਸਜ਼ਾ ਕੱਟ ਚੁੱਕੇ ਬੰਦੀ ਸਿੱਖ ਅਜੇ ਵੀ ਜੇਲ੍ਹਾਂ ਵਿਚ ਬੰਦ ਹਨ ਨਾ ਉਨ੍ਹਾਂ ਨੂੰ ਰਿਹਾਈ ਮਿਲੀ, ਨਾ ਹੀ ਪੈਰੋਲ | ਦੂਜੇ ਪਾਸੇ ਗੁਰਮੀਤ ਰਾਮ ਰਹੀਮ ਵਰਗੇ ਦੋਸ਼ੀਆਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ, ਜੋ ਨਿਆਂ ਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ | ਜਥੇਬੰਦੀਆਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਹਰ ਸਾਲ 26 ਜਨਵਰੀ ਤੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ | ਇਸ ਸਾਲ ਵੀ 26 ਜਨਵਰੀ 2026 ਨੂੰ ਮਾਲਵਾ ਚੌਕ ਤੇ ਊਧਮ ਸਿੰਘ ਚੌਕ, ਫ਼ਿਰੋਜ਼ਪੁਰ ਸ਼ਹਿਰ ਵਿਚ ਕਾਲੇ ਦਿਨ ਵਜੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਜਥੇਬੰਦੀਆਂ ਨੇ ਕਿਸਾਨ ਜਥੇਬੰਦੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਸੰਤ ਮਹਾਂਪੁਰਖਾਂ, ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਹੈ ਕਿ 26 ਜਨਵਰੀ ਨੂੰ ਸਿਰਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਮਾਲਵਾ ਚੌਕ ਅਤੇ ਊਧਮ ਸਿੰਘ ਚੌਕ, ਫ਼ਿਰੋਜ਼ਪੁਰ ਸ਼ਹਿਰ ਵਿਚ ਪਹੁੰਚ ਕੇ ਸੰਘਰਸ਼ ਦਾ ਹਿੱਸਾ ਬਣਨ | ਇਸ ਮੌਕੇ ਬਾਬਾ ਸਤਨਾਮ ਸਿੰਘ ਵੱਲੀਆ ਪੰਜਾਬ ਪ੍ਰਧਾਨ, ਇੰਟਰਨੈਸ਼ਨਲ ਪੰਥਕ ਦਲ, ਭਾਈ ਜਸਪਾਲ ਸਿੰਘ ਕੌਮੀ ਮੀਤ ਪ੍ਰਧਾਨ, ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ, ਲਖਬੀਰ ਸਿੰਘ ਪ੍ਰਧਾਨ, ਏਕ ਨੂਰ ਖ਼ਾਲਸਾ ਫ਼ੌਜ, ਭਾਈ ਬਲਕਾਰ ਸਿੰਘ ਕਲਗ਼ੀਧਰ ਅੰਮਿ੍ਤ ਸੰਚਾਰ ਜਥਾ, ਕੁਲਦੀਪ ਸਿੰਘ ਨੱਢਾ ਸ਼ਹਿਰੀ ਪ੍ਰਧਾਨ, ਲਾਡੀ ਬੱਬਰ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਪੰਜਾਬ ਤੇ ਕਿਸਾਨ ਜਥੇਬੰਦੀ ਦੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਵਿਖੇ ਮਨਾਇਆ ਬਸੰਤ ਦਾ ਤਿਉਹਾਰ ਅਗਲੀ ਖ਼ਬਰ ਨਗਰ ਪੰਚਾਇਤ ਮੱਲਾਂਵਾਲਾ 'ਚ ਮੈਗਾ ਮੈਡੀਕਲ ਕੈਂਪ ਅੱਜ
Ad Position 24