ਫ਼ਾਜ਼ਿਲਕਾ, 24 ਜਨਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ 'ਚ ਪੁਲਿਸ ਵਲੋਂ ਇਲਾਕੇ ਦੇ ਕਬਾੜੀਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਜਾ ਰਹੀ ਹੈ | ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਦੇ ਖ਼ਿਲਾਫ਼ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ, ਪਰ ਖ਼ਾਸ ਤੌਰ 'ਤੇ ਇਹ ਧਿਆਨ ਰੱਖਿਆ ਜਾਵੇ ਕਿ ਕੋਈ ਵੀ ਕਬਾੜ ਦਾ ਕੰਮ ਕਰਨ ਵਾਲਾ ਵਿਅਕਤੀ ਇਨ੍ਹਾਂ ਚੋਰਾਂ ਤੋਂ ਚੋਰੀ ਦਾ ਮਾਲ ਨਾ ਖ਼ਰੀਦੇ | ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਕੋਈ ਕਬਾੜੀਆ ਚੋਰੀ ਦਾ ਮਾਲ ਖ਼ਰੀਦਦਾ ਫੜਿਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਫ਼ਾਜ਼ਿਲਕਾ ਸਿਟੀ ਥਾਣੇ ਦੇ ਐੱਸ. ਐੱਚ. ਓ. ਸਚਿਨ ਕੰਬੋਜ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਵਧ ਰਹੀਆਂ ਹਨ | ਇਸ 'ਤੇ ਨੱਥ ਪਾਉਣ ਲਈ ਪੁਲਿਸ ਨੇ ਵਿਸ਼ੇਸ਼ ਮੁਹਿੰਮ ਵਿੱਢੀ ਹੈ, ਜਿਸ ਤਹਿਤ ਨਾ ਸਿਰਫ਼ ਮੁਕੱਦਮੇ ਦਰਜ ਕੀਤੇ ਗਏ ਹਨ, ਸਗੋਂ ਚੋਰੀਆਂ ਕਰਨ ਵਾਲੇ ਕਈ ਮੁਲਜ਼ਮਾਂ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ ਹੈ | ਐੱਸ. ਐੱਚ. ਓ. ਸਚਿਨ ਕੰਬੋਜ ਨੇ ਦੱਸਿਆ ਕਿ ਚੋਰੀ ਦੇ ਮਾਮਲਿਆਂ 'ਚ ਚੋਰੀ ਕੀਤੇ ਮੋਟਰਸਾਈਕਲ ਤੇ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ | ਅਕਸਰ ਚੋਰ ਚੋਰੀ ਦਾ ਸਾਮਾਨ ਬਾਜ਼ਾਰ 'ਚ ਵੇਚਣ ਦੀ ਫ਼ਿਰਾਕ ਵਿਚ ਰਹਿੰਦੇ ਹਨ, ਇਸ ਲਈ ਉਨ੍ਹਾਂ ਨੇ ਸ਼ਹਿਰ ਦੇ ਦੁਕਾਨਦਾਰਾਂ ਤੇ ਕਬਾੜ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੱਲ ਦਾ ਖ਼ਾਸ ਧਿਆਨ ਰੱਖਣ | ਸਚਿਨ ਕੰਬੋਜ ਨੇ ਕਿਹਾ ਕਿ ਕਿਸੇ ਵੀ ਅਣਜਾਣ ਵਿਅਕਤੀ ਤੋਂ ਪੁਰਾਣਾ ਜਾਂ ਕੋਈ ਸ਼ੱਕੀ ਸਾਮਾਨ ਨਾ ਖ਼ਰੀਦਿਆ ਜਾਵੇ | ਉਨ੍ਹਾਂ ਨੇ ਖ਼ਾਸ ਤੌਰ 'ਤੇ ਕਬਾੜੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਕਬਾੜੀਏ ਕੋਲੋਂ ਪੁਲਿਸ ਨੂੰ ਚੋਰੀ ਦਾ ਸਾਮਾਨ ਬਰਾਮਦ ਹੁੰਦਾ ਹੈ, ਤਾਂ ਉਸ ਵਿਰੁੱਧ ਬਿਨਾਂ ਕਿਸੇ ਰਿਆਇਤ ਦੇ ਮਾਮਲਾ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ |