ਮੁੱਦਕੀ, 24 ਜਨਵਰੀ (ਭਾਰਤ ਭੂਸ਼ਨ ਅਗਰਵਾਲ)-ਨਵੰਬਰ 1984 ਸਿੱਖ ਕਤਲੇਆਮ ਨਾਲ ਸੰਬੰਧਿਤ ਦਿੱਲੀ ਦੇ ਵਿਕਾਸਪੁਰੀ ਤੇ ਜਨਕਪੁਰੀ ਇਲਾਕਿਆਂ 'ਚ ਹੋਏ ਕਤਲਾਂ ਦੇ ਮਾਮਲੇ 'ਚ ਮੁੱਖ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕੀਤਾ ਜਾਣਾ ਸਿੱਖ ਕੌਮ ਨਾਲ ਨਾਇਨਸਾਫ਼ੀ ਹੈ | ਇਹ ਪ੍ਰਗਟਾਵਾ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ, ਜਿਸ ਦਾ ਸਮੁੱਚੀ ਕੌਮ 'ਚ ਭਾਰੀ ਰੋਸ ਤੇ ਸ਼੍ਰੋਮਣੀ ਅਕਾਲੀ ਦਲ ਇਸ ਦਾ ਭਾਰੀ ਵਿਰੋਧ ਕਰਦੀ ਹੈ | ਉਨ੍ਹਾਂ ਕਿਹਾ ਕਿ ਉਕਤ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕਰਨਾ ਜਿਥੇ 41 ਸਾਲਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਬਰਾਬਰ ਹੈ, ਉਥੇ ਜਾਂਚ ਏਜੰਸੀਆਂ ਦੀ ਢਿੱਲੀ ਪੈਰਵੀ ਅਤੇ ਕਾਰਗੁਜ਼ਾਰੀ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ | ਗੁਰਮੀਤ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 1984 ਦੇ ਪੀੜਤਾਂ ਦੇ ਹੱਕ ਵਿਚ ਖੜ੍ਹਾ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮੰਗ ਕੀਤੀ ਜਾਂਦੀ ਹੈ ਕਿ ਕੇਂਦਰੀ ਜਾਂਚ ਏਜੰਸੀਆਂ ਤੇ ਸਰਕਾਰ ਇਸ ਫ਼ੈਸਲੇ ਵਿਰੁੱਧ ਤੁਰੰਤ ਉੱਚ ਅਦਾਲਤ 'ਚ ਸਖ਼ਤ ਅਪੀਲ ਦਾਇਰ ਕਰਨ ਤਾਂ ਜੋ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਸਜ਼ਾ ਮਿਲ ਸਕੇ |