ਅਬੋਹਰ, 24 ਜਨਵਰੀ (ਵਿਵੇਕ ਹੂੜੀਆ/ਸੁਖਜੀਤ ਸਿੰਘ ਬਰਾੜ)-ਪੰਜਾਬ ਸਰਕਾਰ ਦੀ ਅਹਿਮ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਅਬੋਹਰ ਤੋਂ 13ਵੀਂ ਬੱਸ ਸ਼ਰਧਾਲੂਆਂ ਨੂੰ ਲੈ ਕੇ ਸ੍ਰੀ ਅੰਮਿ੍ਤਸਰ ਸਾਹਿਬ ਲਈ ਰਵਾਨਾ ਹੋਈ | ਇਸ ਬੱਸ ਨੂੰ 13 ਨੰਬਰ ਬੂਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਨੇ ਸਾਰੇ ਸ਼ਰਧਾਲੂਆਂ ਦਾ ਫੁੱਲਾਂ ਦੇ ਹਾਰ ਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਗੱਲਬਾਤ ਕਰਦਿਆਂ ਅਰੁਣ ਨਾਰੰਗ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮਿ੍ਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਜਲਿ੍ਹਆਂਵਾਲਾ ਬਾਗ਼ ਤੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ | ਇਸ ਤੋਂ ਇਲਾਵਾ ਸ਼ਰਧਾਲੂਆਂ ਨੂੰ ਬਾਘਾ ਬਾਰਡਰ 'ਤੇ ਹੋਣ ਵਾਲੀ ਪਰੇਡ ਵੀ ਦਿਖਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਬੱਸ 'ਚ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਇਕ ਇਤਿਹਾਸਕ ਪਹਿਲ ਹੈ | ਪਹਿਲੀ ਵਾਰ ਕਿਸੇ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾਉਣ ਦੀ ਜ਼ਿੰਮੇਵਾਰੀ ਚੁੱਕੀ ਹੈ | ਸਾਡਾ ਮਕਸਦ ਬਜ਼ੁਰਗਾਂ ਨੂੰ ਸਤਿਕਾਰ ਦੇਣਾ ਤੇ ਉਨ੍ਹਾਂ ਦੀ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਨੂੰ ਪੂਰਾ ਕਰਨਾ ਹੈ | ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੇ ਚਿਹਰਿਆਂ 'ਤੇ ਖ਼ੁਸ਼ੀ ਸਾਫ਼ ਦਿਖਾਈ ਦੇ ਰਹੀ ਸੀ | ਉਨ੍ਹਾਂ ਨੇ ਇਸ ਨੇਕ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੀ ਗਈ ਇਹ ਸਹੂਲਤ ਉਨ੍ਹਾਂ ਲਈ ਕਿਸੇ ਤੋਹਫ਼ੇ ਤੋਂ ਘੱਟ ਨਹੀਂ ਹੈ |