ਜਲਾਲਾਬਾਦ, 25 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਤੇ ਕੋ-ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਸੁਰਿੰਦਰ ਕੰਬੋਜ, ਕਿ੍ਸ਼ਨ ਸਿੰਘ ਦੁੱਗਾਂ, ਬਾਜ਼ ਸਿੰਘ ਖਹਿਰਾ, ਹਰਵਿੰਦਰ ਸਿੰਘ ਬਿਲਗਾ, ਰਵਿੰਦਰਜੀਤ ਸਿੰਘ ਪੰਨੂ, ਗੁਰਜੰਟ ਸਿੰਘ ਵਾਲੀਆ, ਸੁਖਜਿੰਦਰ ਸਿੰਘ ਹਰੀਕਾ, ਗੁਰਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਬੰਗਾ ਤੇ ਪਤਵੰਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਸਿੱਖਿਆ ਵਿਭਾਗ ਵਿਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੀ ਪਦ-ਉੱਨਤੀ ਸਮੇਂ ਟੈੱਟ ਦੀ ਸ਼ਰਤ ਲਾਉਣ ਦੀ ਨਿਖੇਧੀ ਕੀਤੀ | ਉਨ੍ਹਾਂ ਕਿਹਾ ਕਿ 23 ਅਗਸਤ 2010 ਤੋਂ ਪਹਿਲਾਂ ਹਾਜ਼ਰ ਹੋ ਚੁੱਕੇ ਅਧਿਆਪਕਾਂ ਤੇ ਟੈੱਟ ਦੀ ਸ਼ਰਤ ਲਾਉਣੀ ਬੇਤੁਕੀ ਹੈ | ਸਾਂਝੇ ਅਧਿਆਪਕ ਮੋਰਚੇ ਨੇ ਉਪਰੋਕਤ ਮਿਤੀ ਤੋਂ ਪਹਿਲਾਂ ਵਿਭਾਗ 'ਚ ਹਾਜ਼ਰ ਹੋ ਚੁੱਕੇ ਅਧਿਆਪਕਾਂ ਤੋਂ ਟੈੱਟ ਦੀ ਸ਼ਰਤ ਹਟਾ ਕੇ ਪਦ-ਉੱਨਤੀ ਲਈ ਸਾਰੇ ਯੋਗ ਅਧਿਆਪਕਾਂ ਨੂੰ ਸਟੇਸ਼ਨ ਚੋਣ ਕਰਵਾਉਣ ਦੀ ਪੁਰਜ਼ੋਰ ਮੰਗ ਕੀਤੀ ਹੈ |