ਮੱਲਾਂਵਾਲਾ, 4 ਫਰਵਰੀ(ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਕਪਤਾਨ ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਅਧੀਨ ਥਾਣਾ ਮੱਲਾਂਵਾਲਾ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ 1 ਕਿੱਲੋਗਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੱਲਾਂਵਾਲਾ ਦੇ ਐੱਸ. ਐਚ. ਓ. ਜਤਿੰਦਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਸਾਥੀ ਕਰਮਚਾਰੀਆਂ ਨਾਲ ਸ਼ੱਕੀ ਪੁਰਸ਼ਾਂ ਦੀ ਭਾਲ 'ਚ ਗਸ਼ਤ 'ਤੇ ਸਨ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੱਸ ਅੱਡਾ ਅਲੀ ਵਾਲਾ ਪੁੱਜੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗਾ | ਜਿਸ ਨੂੰ ਕਾਬੂ ਕਰਕੇ ਉਸ ਪਾਸੋਂ 1 ਕਿੱਲੋਗਰਾਮ ਅਫ਼ੀਮ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਬਚਨ ਸਿੰਘ ਉਰਫ਼ ਬਚਨ ਪੁੱਤਰ ਹਰੀ ਸਿੰਘ ਵਾਸੀ ਪਿੰਡ ਅਟਾਰੀ ਵਜੋਂ ਹੋਈ ਹੈ | ਜਿਸ ਖ਼ਿਲਾਫ਼ ਪੁਲਿਸ ਨੇ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ਮੱਲਾਂਵਾਲਾ ਦੇ ਐੱਸ. ਐਚ. ਓ. ਜਤਿੰਦਰ ਸਿੰਘ ਨੇ ਕਿਹਾ ਕਿ ਮੱਲਾਂਵਾਲਾ ਖੇਤਰ ਅੰਦਰ ਨਸ਼ਾ ਤਸਕਰ ਜਾਂ ਸਮਾਜਿਕ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ |