ਫ਼ਾਜ਼ਿਲਕਾ, 4 ਫਰਵਰੀ (ਦਵਿੰਦਰ ਪਾਲ ਸਿੰਘ)-ਸ਼ਹਿਰ ਵਿਚ ਲਗਾਤਾਰ ਹੋ ਰਹੀਆਂ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਂਦਿਆਂ ਫ਼ਾਜ਼ਿਲਕਾ ਦੀ ਸਿਟੀ ਥਾਣਾ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤੇ ਹਨ | ਫੜੇ ਗਏ ਮੁਲਜ਼ਮਾਂ ਵਿਚ ਦੋ ਸਕੇ ਭਰਾ ਵੀ ਸ਼ਾਮਲ ਹਨ | ਐੱਸ.ਐੱਚ.ਓ ਸਚਿਨ ਕੰਬੋਜ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ਼ ਸੰਨ੍ਹੀ, ਕਮਲਜੀਤ ਉਰਫ਼ ਕੱਬੀ, ਰਿੰਕੂ ਅਤੇ ਸੰਜੇ ਵਾਸੀ ਪਿੰਡ ਨੂਰਸ਼ਾਹ ਵਜੋਂ ਹੋਈ ਹੈ | ਇਨ੍ਹਾਂ ਵਿਚੋਂ ਜਗਜੀਤ ਅਤੇ ਸੰਜੇ ਦੋਵੇਂ ਸਕੇ ਭਰਾ ਹਨ | ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਚਾਰੇ ਨੌਜਵਾਨ ਨਸ਼ੇ ਦੇ ਆਦੀ ਹਨ ਅਤੇ ਆਪਣੀ ਨਸ਼ੇ ਦੀ ਲੋੜ ਨੂੰ ਪੂਰਾ ਕਰਨ ਲਈ ਹੀ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ | ਪੁਲਿਸ ਅਨੁਸਾਰ ਇਹ ਮੁਲਜ਼ਮ ਆਪਣੇ ਪਿੰਡ ਤੋਂ ਮੋਟਰਸਾਈਕਲ 'ਤੇ ਸ਼ਹਿਰ ਆਉਂਦੇ ਸਨ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮੌਕਾ ਦੇਖ ਕੇ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੋ ਜਾਂਦੇ ਸਨ | ਬਰਾਮਦ ਕੀਤੇ ਗਏ 5 ਮੋਟਰਸਾਈਕਲ ਅਬੋਹਰ ਅਤੇ ਫ਼ਾਜ਼ਿਲਕਾ ਦੇ ਵੱਖ-ਵੱਖ ਇਲਾਕਿਆਂ ਤੋਂ ਚੋਰੀ ਕੀਤੇ ਗਏ ਸਨ | ਪੁਲਿਸ ਨੇ ਚਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਐੱਸ.ਐੱਚ.ਓ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ | ਪੁਲਿਸ ਨੂੰ ਉਮੀਦ ਹੈ ਕਿ ਰਿਮਾਂਡ ਦੌਰਾਨ ਚੋਰੀ ਦੀਆਂ ਹੋਰ ਵੀ ਕਈ ਵਾਰਦਾਤਾਂ ਦੇ ਖ਼ੁਲਾਸੇ ਹੋ ਸਕਦੇ ਹਨ |