ਮਜੀਠੀਆ ਨੂੰ ਜ਼ਮਾਨਤ ਮਿਲਣਾ ਸਚਾਈ ਦੀ ਜਿੱਤ-ਜਿੰਦੂ, ਬਰਾੜ
ਅਜੀਤ ਡੈਸਕ
06-02-2026
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਅਤੇ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਨੇ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸਮੁੱਚੇ ਪੰਜਾਬ 'ਚ ਖ਼ੁਸ਼ੀ ਦੀ ਲਹਿਰ ਹੈ, ਕਿਉਂਕਿ ਪੰਜਾਬ ਵਾਸੀ ਜਾਣਦੇ ਹਨ ਕਿ ਇਕ ਬਿਕਰਮ ਸਿੰਘ ਮਜੀਠੀਆ ਹੀ ਸਹੀ ਜੋ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਡਟ ਕੇ ਬੋਲਦਾ ਹੈ | ਉਨ੍ਹਾਂ ਕਿਹਾ ਕਿ ਮਾਝੇ ਦਾ ਜਰਨੈਲ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਅੰਦਰ ਬੰਦ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਸੋਚਦੀ ਸੀ ਕਿ ਇਸ ਵਾਰ 2027 ਵਿਚ ਸਰਕਾਰ ਬਣਾ ਲਵਾਂਗੇ, ਪਰ ਸੁਪਰੀਮ ਕੋਰਟ ਦੇ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੀ ਨਿਆਂਪਾਲਿਕਾ ਨਿਰਪੱਖ ਅਤੇ ਸੰਤੁਲਿਤ ਢੰਗ ਨਾਲ ਕੰਮ ਕਰ ਰਹੀ ਹੈ | ਸਾਬਕਾ ਵਿਧਾਇਕ ਜੁਗਿੰਦਰ ਸਿੰਘ ਜਿੰਦੂ ਅਤੇ ਗੁਰਮੀਤ ਸਿੰਘ ਬਰਾੜ ਨੇ ਕਿਹਾ ਕਿ ਆਪ ਸਰਕਾਰ ਪਹਿਲਾਂ ਹੀ ਆਪਣੀ ਕਿਸਾਨ, ਮਜ਼ਦੂਰ ਅਤੇ ਲੋਕ ਮਾਰੂ ਨੀਤੀਆਂ ਕਾਰਨ ਲੋਕ ਦਿਲਾਂ 'ਚੋਂ ਉੱਤਰ ਚੁੱਕੀ ਹੈ, ਹੁਣ ਬਿਕਰਮ ਸਿੰਘ ਮਜੀਠੀਆ ਦੇ ਜੇਲ੍ਹ ਅੰਦਰੋਂ ਬਾਹਰ ਆਉਣ 'ਤੇ ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ 2027 'ਚ ਜਿੱਤਣਾ ਹੋਰ ਵੀ ਔਖਾ ਹੋ ਜਾਵੇਗਾ, ਕਿਉਂਕਿ ਬਿਕਰਮ ਸਿੰਘ ਮਜੀਠੀਆ ਆਪ ਸਰਕਾਰ ਦੀਆਂ ਪੋਲਾਂ ਖੋਲ੍ਹਦਾ ਹੈ, ਜਿਸ ਕਰਕੇ ਉਨ੍ਹਾਂ ਨੂੰ ਸਿਆਸੀ ਰੰਜਸ਼ ਕਰਕੇ ਫਸਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ ਵਾਲੀ ਪੰਥਕ ਪਾਰਟੀ ਹੈ, ਜੋ ਪੰਜਾਬ ਵਾਸੀਆਂ ਨਾਲ ਹਮੇਸ਼ਾ ਚਟਾਨ ਵਾਂਗ ਖੜੀ ਹੈ ਅਤੇ ਅਕਾਲੀ ਦਲ ਨੂੰ ਲੋਕਾਂ ਦਾ ਮਿਲ ਰਿਹਾ ਸਮਰਥਨ ਸਾਬਤ ਕਰਦਾ ਹੈ ਕਿ ਲੋਕ ਵਿਧਾਨ ਸਭਾ ਚੋਣਾਂ 2027 ਵਿਚ ਅਕਾਲੀ ਦਲ ਦੀ ਸਰਕਾਰ ਲਿਆਉਣਗੇ |