ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਦਾ ਮੁੱਖ ਮਕਸਦ ਮੁੱਖ ਮੰਤਰੀ ਸਿਹਤ ਯੋਜਨਾ, ਸਾਂਸ ਪ੍ਰੋਗਰਾਮ ਤੇ ਹੋਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ | ਸਿਵਲ ਸਰਜਨ ਡਾਕਟਰ ਕਵਿਤਾ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਹੋਰ ਪੋ੍ਰਗਰਾਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਲੋਕ ਇਨ੍ਹਾਂ ਦਾ ਪੂਰਨ ਲਾਭ ਲੈ ਸਕਣ | ਮੀਟਿੰਗ ਦੌਰਾਨ ਹੋਰ ਸਿਹਤ ਪ੍ਰੋਗਰਾਮਾਂ ਜਿਵੇਂ ਮਾਤਾ ਤੇ ਸ਼ਿਸ਼ੂ ਸਿਹਤ ਸੇਵਾਵਾਂ, ਟੀਕਾਕਰਨ, ਟੀ. ਬੀ. ਮੁਕਤੀ ਅਭਿਆਨ, ਗੈਰ-ਸੰਚਾਰੀ ਰੋਗਾਂ ਦੀ ਜਾਂਚ, ਤੰਬਾਕੂ ਨਿਯੰਤਰਨ ਪ੍ਰੋਗਰਾਮ ਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਲਈ ਫ਼ੀਲਡ ਸਟਾਫ਼ ਦੀ ਭੂਮਿਕਾ ਬਹੁਤ ਅਹਿਮ ਹੈ | ਬਲਾਕ ਐਕਸਟੈਨਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਸਹੀ ਸੰਦੇਸ਼ ਲੋਕਾਂ ਤੱਕ ਪਹੁੰਚਾਉਣ, ਅਫ਼ਵਾਹਾਂ ਤੋਂ ਬਚਣ ਤੇ ਲੋਕਾਂ ਨੂੰ ਸਮੇਂ-ਸਿਰ ਸਿਹਤ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰਨ | ਮੀਟਿੰਗ ਦੇ ਅੰਤ 'ਚ ਸਿਵਲ ਸਰਜਨ ਨੇ ਸਾਰੇ ਕਰਮਚਾਰੀਆਂ ਨੂੰ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ | ਇਸ ਦੌਰਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਵਿਨੋਦ ਕੁਮਾਰ, ਬਲਾਕ ਮਾਸ ਮੀਡੀਆ ਅਫ਼ਸਰ ਸੁਨੀਲ ਟੰਡਨ, ਸੁਸ਼ੀਲ ਕੁਮਾਰ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਜ਼ਿਲ੍ਹਾ ਬੀ. ਸੀ. ਸੀ. ਸੁਖਦੇਵ ਸਿੰਘ ਹਾਜ਼ਰ ਸੀ |