ਫ਼ਾਜ਼ਿਲਕਾ, 6 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਇਲਾਕੇ 'ਚ ਵਾਪਰੇ ਇਕ ਦਰਦਨਾਕ ਹਾਦਸੇ 'ਚ ਇਕ ਮਜ਼ਦੂਰ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਜ਼ਦੂਰ ਕੰਮ ਕਰ ਰਿਹਾ ਸੀ ਕਿ ਅਚਾਨਕ ਪੱਥਰਾਂ ਨਾਲ ਭਰੀ ਇਕ ਟਰੈਕਟਰ-ਟਰਾਲੀ ਇਕ ਪਾਸੇ ਪਲਟ ਗਈ, ਜਿਸ ਕਾਰਨ ਮਜ਼ਦੂਰ ਪੱਥਰਾਂ ਦੇ ਹੇਠਾਂ ਦੱਬ ਗਿਆ | ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਮਲਕੀਤ ਸਿੰਘ ਤੇ ਮੇਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਰੂੜ੍ਹ ਸਿੰਘ ਸਰਹੱਦੀ ਖੇਤਰ 'ਚ ਮਜ਼ਦੂਰੀ ਕਰਨ ਗਿਆ ਹੋਇਆ ਸੀ | ਕੰਮ ਦੌਰਾਨ ਪੱਥਰਾਂ ਨਾਲ ਲੱਦੀ ਟਰੈਕਟਰ-ਟਰਾਲੀ ਅਚਾਨਕ ਇਕ ਪਾਸੇ ਉਲਟ ਗਈ ਤੇ ਸਾਰੇ ਪੱਥਰ ਰੂੜ੍ਹ ਸਿੰਘ ਦੇ ਉੱਪਰ ਜਾ ਡਿੱਗੇ | ਉਸ ਨੂੰ ਤੁਰੰਤ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਸ ਦੀ ਮੌਤ ਹੋ ਗਈ | ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਆਪਣੇ ਪਿੱਛੇ ਦੋ ਬੱਚੇ ਤੇ ਬਿਮਾਰ ਪਤਨੀ ਛੱਡ ਗਿਆ ਹੈ | ਪੀੜਤ ਪਰਿਵਾਰ ਨੇ ਸਰਕਾਰ ਤੇ ਠੇਕੇਦਾਰ ਤੋਂ ਆਰਥਿਕ ਮਦਦ ਦੀ ਗੁਹਾਰ ਲਗਾਈ ਹੈ ਤਾਂ ਜੋ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋ ਸਕੇ | ਥਾਣਾ ਖੂਈ ਖੇੜਾ ਦੇ ਐੱਸ. ਐੱਚ. ਓ. ਹਰਦੇਵ ਸਿੰਘ ਬੇਦੀ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |