ਫ਼ਿਰੋਜ਼ਪੁਰ, 21 ਫਰਵਰੀ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ 7 ਫਰਵਰੀ 2026 ਨੂੰ ਜਾਰੀ ਕੀਤੇ ਗਏ ਹੁਕਮਾਂ ਤਹਿਤ ਮਾਸਟਰ ਕਾਡਰ ਦੀਆਂ ਪਦ ਉੱਨਤੀਆਂ ਲਈ ਟੀ.ਈ.ਟੀ. ਨੂੰ ਲਾਜ਼ਮੀ ਸ਼ਰਤ ਬਣਾਉਣ ਅਤੇ 14 ਸਤੰਬਰ 2017 ਦੇ ਉਸ ਪੱਤਰ ਨੂੰ ਰੱਦ ਕਰਨ, ਜਿਸ ਰਾਹੀਂ 2011 ਤੋਂ ਪਹਿਲਾਂ ਸੇਵਾ ਵਿਚ ਸ਼ਾਮਲ ਹੋਏ ਅਧਿਆਪਕਾਂ ਨੂੰ ਟੀ.ਈ.ਟੀ. ਤੋਂ ਛੋਟ ਦਿੱਤੀ ਗਈ ਸੀ, ਜਿਸ ਦੇ ਖ਼ਿਲਾਫ਼ ਸੂਬੇ ਭਰ ਵਿਚ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਫ਼ਿਰੋਜ਼ਪੁਰ ਸਮੇਤ ਵੱਖ-ਵੱਖ ਜ਼ਿਲਿ੍ਹਆਂ ਦੀਆਂ 15 ਅਧਿਆਪਕ ਜਥੇਬੰਦੀਆਂ ਵਲੋਂ ਇਸ ਮਸਲੇ 'ਤੇ ਸਾਂਝਾ ਐਕਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਇਹ ਸੰਘਰਸ਼ ਕਿਸੇ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਨਹੀਂ, ਸਗੋਂ ਅਧਿਆਪਕਾਂ ਨਾਲ ਹੋ ਰਹੀ ਨਾਇਨਸਾਫ਼ੀ ਦੇ ਖ਼ਿਲਾਫ਼ ਹੈ | ਸੰਘਰਸ਼ ਨੂੰ ਅੱਗੇ ਵਧਾਉਂਦਿਆਂ 22 ਫਰਵਰੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਤੋਂ ਵੀ ਵੱਡੀ ਗਿਣਤੀ ਵਿਚ ਅਧਿਆਪਕ ਸ਼ਾਮਿਲ ਹੋਣਗੇ | ਇਸ ਮੌਕੇ ਸੁਖਜਿੰਦਰ ਸਿੰਘ ਖ਼ਾਨਪੁਰ, ਪਰਮਜੀਤ ਸਿੰਘ ਪੰਮਾ, ਹਰਜੀਤ ਸਿੰਘ ਸਿੱਧੂ, ਗਗਨਦੀਪ ਬਰਾੜ, ਮਲਕੀਤ ਸਿੰਘ ਹਰਾਜ, ਸਰਬਜੀਤ ਸਿੰਘ ਭਾਵੜਾ, ਸੁਰਿੰਦਰ ਕੰਬੋਜ, ਨਿਰਮਲ ਸਿੰਘ, ਗੁਰਜੀਤ ਸਿੰਘ ਸੋਢੀ, ਅਨਿਲ ਧਵਨ ਤੇ ਹੋਰ ਹਾਜ਼ਰ ਸਨ |