ਫਿਰੋਜ਼ਪੁਰ, 22 ਫਰਵਰੀ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਫਿਰੋਜ਼ਪੁਰ ਪੁਲਿਸ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੀ ਹੈ | ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਦੀਆਂ ਸਖ਼ਤ ਹਦਾਇਤਾਂ ਤੋਂ ਬਾਅਦ ਪੂਰੇ ਜ਼ਿਲ੍ਹੇ 'ਚ ਰਾਤ ਦੀ ਗਸ਼ਤ ਵਧਾ ਦਿੱਤੀ ਗਈ ਹੈ | ਇਸ ਮੁਹਿੰਮ ਦਾ ਮੁੱਖ ਮਕਸਦ ਸ਼ਾਂਤੀ ਬਣਾਈ ਰੱਖਣਾ ਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਵਿਚ ਕਾਨੂੰਨ ਦਾ ਡਰ ਪੈਦਾ ਕਰਨਾ ਹੈ | ਇਸੇ ਕੜੀ ਤਹਿਤ ਥਾਣਾ ਕੈਂਟ ਫਿਰੋਜ਼ਪੁਰ ਦੇ ਇੰਚਾਰਜ ਸੁਖਚੈਨ ਮਹਿਤਾ ਦੀ ਅਗਵਾਈ ਹੇਠ ਦੇਰ ਰਾਤ ਤੱਕ ਚੌਂਕਾਂ ਵਿਚ ਨਾਕਾਬੰਦੀ ਕਰਕੇ ਸੀਲਿੰਗ ਮੁਹਿੰਮ ਤਹਿਤ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ | ਥਾਣਾ ਮੁਖੀ ਨੇ ਕਿਹਾ ਕਿ ਐੱਸ. ਐੱਸ. ਪੀ. ਭੁਪਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਜ਼ਿਲ੍ਹੇ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਪੁਲਿਸ ਅਧਿਕਾਰੀਆਂ ਅਨੁਸਾਰ ਰਾਤ ਸਮੇਂ ਬਿਨਾਂ ਵਜ੍ਹਾ ਘੁੰਮਣ ਵਾਲੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਨਸ਼ਾ ਤਸਕਰਾਂ ਅਤੇ ਹੋਰ ਗੈਰ-ਕਾਨੂੰਨੀ ਧੰਦਿਆਂ ਵਿਚ ਸ਼ਾਮਲ ਲੋਕਾਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਦੀਆਂ ਪੀ. ਸੀ. ਆਰ. ਗੱਡੀਆਂ ਨੂੰ ਗਲੀਆਂ-ਮੁਹੱਲਿਆਂ 'ਚ ਲਗਾਤਾਰ ਗਸ਼ਤ ਕਰਨ ਦੇ ਹੁਕਮ ਦਿੱਤੇ ਗਏ ਹਨ | ਐੱਸ. ਐੱਚ. ਓ. ਥਾਣਾ ਕੈਂਟ ਸੁਖਚੈਨ ਮਹਿਤਾ ਨੇ ਕਿਹਾ ਕਿ ਜਨਤਾ ਦੀ ਸੁਰੱਖਿਆ ਪੁਲਿਸ ਦੀ ਪਹਿਲ ਹੈ | ਉਨ੍ਹਾਂ ਨੇ ਕੈਂਟ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦਿਖਾਈ ਦਿੰਦਾ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ |