ਫ਼ਿਰੋਜ਼ਪੁਰ, 23 ਫਰਵਰੀ (ਗੁਰਿੰਦਰ ਸਿੰਘ)-ਲੋਕ ਸਭਾ ਵਿਖੇ ਐਸਪੀਰੇਸ਼ਨਲ ਡਿਸਟਿ੍ਕਟ ਤੇ ਬਲਾਕ ਪ੍ਰੋਗਰਾਮ ਤਹਿਤ ਸੂਬਾ ਪੱਧਰੀ 'ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ' ਦਾ ਸ਼ਾਨਦਾਰ ਆਯੋਜਨ ਕੀਤਾ, ਜਿਸ 'ਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਲੋਂ ਸਿੱਖਿਆ ਸਮੇਤ ਹੋਰ ਖੇਤਰਾਂ 'ਚ ਕੀਤੇ ਗਏ ਕੰਮਾਂ ਦੀ ਸਮੀਖਿਆ ਕੀਤੀ ਗਈ ਅਤੇ ਚੰਗੇ ਕਾਰਜਸ਼ੀਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ | ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ, ਫ਼ਿਰੋਜ਼ਪੁਰ ਵਲੋਂ ਵਧੀਆ ਕਾਰਗੁਜ਼ਾਰੀ ਲਈ ਭੇਜੇ ਨਾਵਾਂ ਦੇ ਆਧਾਰ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਅਭਿਆਨ ਨੂੰ ਸਫਲਤਾਪੂਰਵਕ ਲਾਗੂ ਕਰਨ ਅਤੇ ਟੀਚਿਆਂ ਨੂੰ ਸਮੇਂ ਸਿਰ ਹਾਸਲ ਕਰਨ ਲਈ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਮਾਰੋਹ 'ਚ ਕੋਮਲ ਅਰੋੜਾ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ ਐਜੂਕੇਸ਼ਨ), ਸਰਬਜੀਤ ਸਿੰਘ ਅਸਿਸਟੈਂਟ ਪ੍ਰੋਜੈਕਟ ਕੋਆਰਡੀਨੇਟਰ (ਜ), ਸੁਖਵਿੰਦਰ ਕੌਰ ਬੀ. ਪੀ. ਈ. ਓ. ਮੱਖੂ ਤੇ ਪ੍ਰਵੀਨ ਕੁਮਾਰ ਦਫ਼ਤਰ ਸਹਾਇਕ ਕਮ ਡੀ. ਈ. ਓ. ਨੇ ਭਾਗ ਲਿਆ ਅਤੇ ਰਾਜਪਾਲ ਤੋਂ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਪ੍ਰਾਪਤ ਕੀਤੇ | ਇਸ ਮੌਕੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਐਸਪੀਰੇਸ਼ਨਲ ਡਿਸਟਿ੍ਕਟ ਤੇ ਬਲਾਕ ਪ੍ਰੋਗਰਾਮ ਦਾ ਮੂਲ ਉਦੇਸ਼ ਪਿਛੜੇ ਖੇਤਰਾਂ ਵਿਚ ਵਿਕਾਸ ਦੀ ਗਤੀ ਤੇਜ਼ ਕਰਨਾ, ਸਿੱਖਿਆ ਦੀ ਗੁਣਵੱਤਾ ਨੂੰ ਉੱਚਾ ਚੁੱਕਣਾ ਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੈ | ਸਮਾਰੋਹ ਦੌਰਾਨ ਸਿੱਖਿਆ ਖੇਤਰ ਵਿਚ ਕੀਤੀਆਂ ਗਈਆਂ ਪ੍ਰਾਪਤੀਆਂ, ਵਿਦਿਆਰਥੀਆਂ ਦੀ ਹਾਜ਼ਰੀ 'ਚ ਸੁਧਾਰ, ਨਤੀਜਿਆਂ ਵਿਚ ਬਿਹਤਰੀ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤੇ ਨਵੀਨਤਮ ਪੜ੍ਹਾਉਣ ਵਿਧੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਪੇਸ਼ ਕੀਤੀ ਗਈ ਪ੍ਰਗਤੀ ਰਿਪੋਰਟ ਨੂੰ ਖ਼ਾਸ ਤੌਰ 'ਤੇ ਸਰਾਹਿਆ ਅਤੇ ਭਵਿੱਖ ਵਿਚ ਹੋਰ ਵਧੀਆ ਨਤੀਜੇ ਹਾਸਿਲ ਕਰਨ ਲਈ ਰਣ ਨੀਤੀਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਹ ਸਨਮਾਨ ਨਾ ਸਿਰਫ਼ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਹਨਤ ਦੀ ਕਦਰ ਹੈ, ਸਗੋਂ ਪੂਰੇ ਜ਼ਿਲ੍ਹੇ ਲਈ ਮਾਣ ਅਤੇ ਪੇ੍ਰਰਨਾ ਦਾ ਸਰੋਤ ਵੀ ਹੈ, ਜੋ ਆਉਣ ਵਾਲੇ ਸਮੇਂ ਵਿਚ ਹੋਰ ਬਿਹਤਰ ਪ੍ਰਦਰਸ਼ਨ ਲਈ ਹੌਸਲਾ ਅਫ਼ਜਾਈ ਕਰੇਗਾ |