ਜ਼ੀਰਾ, 23 ਫਰਵਰੀ (ਰਜਨੀਸ਼ ਕਥੂਰੀਆ)-ਪੰਜਾਬ ਸਰਕਾਰ ਦੇ ਪੰਚਾਇਤ ਵਿਭਾਗ ਵਲੋਂ ਬਿਨਾਂ ਕੋਈ ਨੋਟਿਸ ਭੇਜੇ ਆਪੋਜੀਸ਼ਨ ਦੇ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਦਾ ਘਰ ਢਾਹੰੁਣ ਲਈ ਭੇਜੇ ਗਏ ਅਮਲੇ 'ਤੇ ਸਰਕਾਰ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਦੇ ਲੀਡਰ ਨਹੀਂ ਬਲਕਿ ਕਾਂਗਰਸ ਪਾਰਟੀ ਦੇ ਨਿਧੜਕ ਆਗੂ ਤੇ ਵਿਰੋਧੀ ਧਿਰ ਦੇ ਲੀਡਰ ਹਨ | ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਕੰਮ ਸਰਕਾਰ ਦੀਆਂ ਕਮੀਆਂ ਨੂੰ ਉਜਾਗਰ ਕਰਨਾ ਹੁੰਦਾ ਹੈ ਜੋ ਕਿ ਸੁਖਪਾਲ ਸਿੰਘ ਖਹਿਰਾ ਬਾਖ਼ੂਬੀ ਕਰ ਰਹੇ ਹਨ, ਪਰ ਪੰਜਾਬ ਸਰਕਾਰ ਆਪਣੀਆਂ ਕਮੀਆਂ ਨੂੰ ਦੂਰ ਕਰਨ ਦੀ ਬਜਾਏ ਕਮੀਆਂ ਉਜਾਗਰ ਕਰਨ ਵਾਲਿਆਂ ਦੀ ਆਵਾਜ਼ ਨੂੰ ਦਬਾਉਣ ਲਈ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਇਕ ਨਿਡਰ ਤੇ ਦਲੇਰ ਲੀਡਰ ਹਨ, ਜਿਨ੍ਹਾਂ ਨੂੰ ਦਬਾਇਆ ਨਹੀਂ ਜਾ ਸਕਦਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਵਰਕਰ ਤੇ ਲੀਡਰ ਸੁਖਪਾਲ ਸਿੰਘ ਖਹਿਰਾ ਦੇ ਨਾਲ ਖੜੇ੍ਹ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬਣਾ ਕੇ ਤਾਂ ਕੀ ਦੇਣੇ ਸਨ ਉਲਟਾ ਢਾਉਣੇ ਸ਼ੁਰੂ ਕਰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਵਿਅਕਤੀ ਦੇ ਨਿੱਜੀ ਘਰ ਨੂੰ ਨਹੀਂ ਢਾਹ ਸਕਦੀ |