ਜ਼ੀਰਾ, 24 ਫਰਵਰੀ (ਰਜਨੀਸ਼ ਕਥੂਰੀਆ)-ਭਾਰਤ 'ਚ ਬਹੁਤ ਸਾਰੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ ਤੇ ਹਰੇਕ ਭਾਸ਼ਾ ਦੇ ਆਪਣੇ ਸੱਭਿਆਚਾਰਕ ਸੰਬੰਧ ਹਨ | ਇਹ ਪ੍ਰਗਟਾਵਾ ਕਰਦਿਆਂ ਸੰਤ ਕਬੀਰ ਕਾਲਜ ਜ਼ੀਰਾ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਕਿਹਾ ਕਿ ਬਹੁ-ਭਾਸ਼ਾਈ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ 21 ਫਰਵਰੀ ਨੂੰ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ | ਇਸ ਦਿਨ ਦੇ ਇਤਿਹਾਸ ਬਾਰੇ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਨਵੰਬਰ 1999 'ਚ ਸੰਯੁਕਤ ਰਾਸ਼ਟਰ ਵਿੱਦਿਅਕ, ਵਿਗਿਆਨਕ ਤੇ ਸੱਭਿਆਚਾਰਕ ਸੰਗਠਨ ਦੀ ਜਨਰਲ ਕਾਨਫ਼ਰੰਸ ਨੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਘੋਸ਼ਿਤ ਕੀਤਾ ਸੀ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਉਣ ਦਾ ਵਿਚਾਰ ਬੰਗਲਾ ਦੇਸ਼ ਦੀ ਪਹਿਲ ਸੀ | ਉਨ੍ਹਾਂ ਹੋਰ ਦੱਸਿਆ ਕਿ ਸੰਯੁਕਤ ਰਾਸ਼ਟਰ ਮਹਾਂ ਸਭਾ ਨੇ 2002 ਦੇ ਆਪਣੇ ਮਤੇ 'ਚ ਇਸ ਦਿਨ ਦੇ ਐਲਾਨ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਦੁਨੀਆ ਭਰ ਦੇ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਾਰੀਆਂ ਭਾਸ਼ਾਵਾਂ ਦੀ ਸੰਭਾਲ ਤੇ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਾਡੀ ਮਾਤ ਭਾਸ਼ਾ ਨੂੰ ਜਾਣਨਾ ਅਤੇ ਹੋਰ ਭਾਸ਼ਾਵਾਂ ਨੂੰ ਵੀ ਸਿੱਖਣ ਦੀ ਕੋਸ਼ਿਸ਼ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਉਣ ਨਾਲ ਸਵਦੇਸ਼ੀ ਅਤੇ ਸਥਾਨਕ ਭਾਸ਼ਾਵਾਂ ਨੂੰ ਸੁਰੱਖਿਅਤ ਰੱਖਣ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਦੀ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਾਤ ਭਾਸ਼ਾ ਬਾਰੇ ਸਮੇਂ ਸਮੇਂ 'ਤੇ ਜਾਗਰੂਕ ਕਰਦੇ ਰਹਿਣ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੇ ਗਿਆਨ ਨੂੰ ਵਧਾਇਆ ਜਾ ਸਕੇ ਤੇ ਉਹ ਸੱਭਿਆਚਾਰ ਨਾਲ ਜੁੜੇ ਰਹਿ ਸਕਣ |