ਮੱਖੂ, 24 ਫਰਵਰੀ (ਕੁਲਵਿੰਦਰ ਸਿੰਘ ਸੰਧੂ)-ਪ੍ਰਭਾਵਿਤ ਕਿਸਾਨਾਂ ਦੀ ਮੁੱਖ ਮੰਗ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਜੋ ਜ਼ਮੀਨਾਂ ਦਰਿਆਵਾਂ 'ਚ ਆਉਂਦੀਆਂ ਹਨ ਅਤੇ ਉਨ੍ਹਾਂ ਨੂੰ ਆਬਾਦ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਕੀਤਾ ਸੀ ਅਤੇ ਆਏ ਹੜ੍ਹ ਕਾਰਨ ਇਨ੍ਹਾਂ ਜ਼ਮੀਨਾਂ 'ਤੇ ਬੀਜੀ ਹੋਈ ਫ਼ਸਲ ਵੀ ਕਿਸਾਨਾਂ ਦੀ ਖ਼ਰਾਬ ਹੋ ਗਈ ਸੀ | ਕੈਪਟਨ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਗਿਰਦਾਵਰੀਆਂ ਤੋੜ ਦਿੱਤੀਆਂ ਸਨ ਪਰ ਕਿਸਾਨਾਂ ਨੇ ਆਪਣਾ ਇਨ੍ਹਾਂ ਜ਼ਮੀਨਾਂ 'ਤੇ ਕਬਜ਼ਾ ਨਹੀਂ ਛੱਡਿਆ ਤੇ ਇਨ੍ਹਾਂ ਆਬਾਦ ਕੀਤੀਆਂ ਜ਼ਮੀਨਾਂ 'ਤੇ ਉਹ ਅੱਜ ਵੀ ਫ਼ਸਲ ਬੀਜ ਰਹੇ ਹਨ | ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮੁੱਖ ਮੰਗ ਸੀ ਇਨ੍ਹਾਂ ਜ਼ਮੀਨਾਂ ਦਾ ਵੀ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇ | ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੇ ਯਤਨਾਂ ਸਦਕਾ ਇਹ ਮੰਗ ਨੂੰ ਮੁੱਖ ਰੱਖਦਿਆਂ ਕਲ ਕੈਬਨਿਟ ਦੀ ਸੱਦੀ ਮੀਟਿੰਗ ਦੌਰਾਨ ਸਰਕਾਰੀ ਜ਼ਮੀਨਾਂ 'ਤੇ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ | ਅੱਜ ਹਰੀਕੇ ਹੈੱਡ ਵਰਕਸ ਅਤੇ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਇਕ ਸੱਦੀ ਵਿਸ਼ੇਸ਼ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਅਸੀਂ ਧੰਨਵਾਦ ਕਰਦੇ ਹਾਂ ਮੁੱਖ ਮੰਤਰੀ ਸਾਹਿਬ ਦਾ ਜਿਨ੍ਹਾਂ ਨੇ ਸਾਡੀ ਇਹ ਮੰਗ ਮੰਨਣ ਦਾ ਐਲਾਨ ਕਰ ਦਿੱਤਾ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਤੇ ਅਧਿਕਾਰੀਆਂ ਦੀ ਵਿਸ਼ੇਸ਼ ਕਮੇਟੀ ਬਣਾ ਕੇ ਸਾਡੀਆਂ ਦੂਜੀਆਂ ਮੰਨਾਂ ਮੰਗਾਂ ਨੂੰ ਵੀ ਜਲਦ ਮੰਨ ਲਿਆ ਜਾਵੇ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਤੇ ਰਾਜਸਥਾਨ ਨਹਿਰਾਂ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ ਅਤੇ ਇਸ ਦਾ ਕੰਮ ਰੋਡ ਮੱਲਾਂਵਾਲਾ ਵਾਲੇ ਪੁਲ ਤੋਂ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ 25 ਫਰਵਰੀ ਨੂੰ ਨੀਂਹ ਪੱਥਰ ਰੱਖ ਕੇ ਕਰਵਾਉਣਗੇ | ਇਸ ਮੌਕੇ ਹੜ੍ਹ ਪ੍ਰਭਾਵਿਤ ਕਿਸਾਨ ਸੰਘਰਸ਼ ਕਮੇਟੀ ਤੋਂ ਇਲਾਵਾ ਹਰੀਕੇ ਹੈੱਡ 'ਤੇ ਲੱਗੇ ਮੋਰਚੇ ਨੂੰ ਸਹਿਯੋਗ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਹਾਜ਼ਰ ਸਨ |