ਫ਼ਿਰੋਜ਼ਪੁਰ, 24 ਫਰਵਰੀ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਦੋ ਵਾਰ ਵਿਧਾਇਕ ਰਹੇ ਸਾਬਕਾ ਮੁੱਖ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ | ਆਪਣੇ ਐਕਸ ਅਕਾਊਾਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੁਖਪਾਲ ਸਿੰਘ ਨੰਨੂ ਦੀ ਨਿਯੁਕਤੀ ਕਰਦੇ ਹੋਏ ਉਨ੍ਹਾਂ ਨੂੰ ਖ਼ੁਸ਼ੀ ਮਹਿਸੂਸ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਨੰਨੂ ਨੇ ਪਹਿਲਾਂ ਵੀ ਹਲਕੇ ਦੀ ਨੁਮਾਇੰਦਗੀ ਕਰਦਿਆਂ ਲੋਕਾਂ ਦੇ ਮਸਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ ਤੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਸਾਬਤ ਕੀਤੀ ਹੈ | ਉਨ੍ਹਾਂ ਦੇ ਵਿਸ਼ਾਲ ਰਾਜਨੀਤਿਕ ਤਜਰਬੇ ਤੇ ਫ਼ਿਰੋਜ਼ਪੁਰ ਦੇ ਲੋਕਾਂ ਨਾਲ ਡੂੰਘੇ ਸੰਬੰਧ ਪਾਰਟੀ ਲਈ ਵੱਡੀ ਪੂੰਜੀ ਸਾਬਤ ਹੋਣਗੇ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸੁਖਪਾਲ ਸਿੰਘ ਨੰਨੂ ਜ਼ਮੀਨੀ ਪੱਧਰ 'ਤੇ ਪਾਰਟੀ ਦੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰਨਗੇ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਦੀ ਤਰੱਕੀ ਲਈ ਪਾਰਟੀ ਦੇ ਦਿ੍ਸ਼ਟੀਕੋਣ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ | ਨੰਨੂ ਦੀ ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਵਰਕਰਾਂ ਤੇ ਉਨ੍ਹਾਂ ਦੇ ਸਮਰਥਕਾਂ 'ਚ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ | ਵਰਕਰਾਂ ਦਾ ਮੰਨਣਾ ਹੈ ਕਿ ਨੰਨੂ ਦੀ ਸਰਗਰਮ ਭੂਮਿਕਾ ਨਾਲ ਹਲਕੇ ਵਿਚ ਸੰਗਠਨਾਤਮਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਤੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਇਸ ਨਿਯੁਕਤੀ ਨੂੰ ਫ਼ਿਰੋਜ਼ਪੁਰ ਦੀ ਸਿਆਸਤ ਵਿਚ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ, ਜਿਸ ਨਾਲ ਪਾਰਟੀ ਆਪਣੀ ਪਕੜ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰੇਗੀ |