ਫ਼ਿਰੋਜ਼ਪੁਰ, 25 ਫਰਵਰੀ (ਕੁਲਬੀਰ ਸਿੰਘ ਸੋਢੀ)-'ਆਪ' ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪਿਛਲੇ ਦਿਨਾਂ ਤੋਂ ਲਗਾਤਾਰ ਵਫ਼ਾਦਾਰ ਅਤੇ ਅਗਾਂਹਵਧੂ ਸੋਚ ਵਾਲੇ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ | ਜਿਸ ਨਾਲ ਆਉਣ ਵਾਲੇ ਸਾਲ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਪਹਿਲਾਂ ਨਾਲ ਹੋਰ ਵਧੀਆ ਪ੍ਰਦਰਸ਼ਨ ਕਰ ਸਕੇ | ਇਸ ਦੇ ਚਲਦੇ ਬੀਤੇ ਦਿਨ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਟਕਸਾਲੀ ਅਤੇ ਜੁਝਾਰੂ ਆਗੂ ਐਲਵਿਨ ਭੱਟੀ ਅਤੇ ਸਰਵਣ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਐਲਵਿਨ ਭੱਟੀ ਨੂੰ ਹਲਕੇ ਦਾ ਸਿੱਖਿਆ ਕੋਆਰਡੀਨੇਟਰ ਅਤੇ ਸਰਵਣ ਸਿੰਘ ਨੂੰ ਬੀ.ਸੀ ਵਿੰਗ ਦੇ ਕੋਆਰਡੀਨੇਟਰ ਨਿਯੁਕਤ ਕੀਤਾ ਹੈ | ਪਾਰਟੀ ਵਲੋਂ ਆਗੂਆਂ ਨੂੰ ਜ਼ਿੰਮੇਵਾਰੀ ਦੇਣ ਤੇ ਜਿੱਥੇ ਹਲਕੇ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਉੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹਰ ਕੋਨੇ ਤੋਂ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਆਪ ਵਲੋਂ ਮਿਲੀ ਜ਼ਿੰਮੇਵਾਰੀ ਤੇ ਆਗੂ ਐਲਵਿਨ ਭੱਟੀ ਅਤੇ ਸਰਵਣ ਸਿੰਘ ਨੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੱੁਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਧੰਨਵਾਦ ਕੀਤਾ ਹੈ |