ਜ਼ੀਰਾ, 25 ਫਰਵਰੀ (ਰਜਨੀਸ਼ ਕਥੂਰੀਆ)-ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਹਲਕਾ ਦਿਹਾਤੀ ਫਿਰੋਜ਼ਪੁਰ ਵਿਖੇ ਕੀਤੀ ਗਈ ਰੈਲੀ ਦੇ ਦੌਰਾਨ ਪੰਜਾਬ 'ਚ ਨਸ਼ਾ ਸਮਗਲਿੰਗ ਅਤੇ ਗੈਂਗਸਟਰਵਾਦ ਦੇ ਸੰਬੰਧੀ ਕੀਤੀ ਗਈ ਬਿਆਨਬਾਜ਼ੀ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਸਭ ਅਕਾਲੀ ਦਲ ਬਾਦਲ ਦੀ ਸਰਕਾਰ ਦੀ ਦੇਣ ਹੈ | ਉਹਨਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਨੂੰ ਖੁੱਲ੍ਹੀ ਚੁਨੌਤੀ ਦਿੱਤੀ | ਜਿਸ 'ਚ ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਗੈਂਗਸਟਰਾਂ ਅਤੇ ਨਸ਼ਾ ਸਮਗਲਰਾਂ ਨੂੰ ਅੱਤਵਾਦੀ ਐਲਾਨ ਕੀਤਾ ਜਾਵੇਗਾ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਇਹ ਸਵਾਲ ਦਾ ਜਵਾਬ ਦਿੱਤਾ ਜਾਵੇ ਕਿ ਪੰਜਾਬ 'ਚ ਗੈਂਗਸਟਰਵਾਦ ਅਤੇ ਨਸ਼ੇ ਦੀ ਜੜ੍ਹ ਕਿਹੜੀ ਸਰਕਾਰ ਦੇ ਕਾਰਜਕਾਲ ਵਿਚ ਮਜ਼ਬੂਤ ਹੋਈ | ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਨਸ਼ਾ ਮਾਫੀਆ ਨੂੰ ਰਾਜਨੀਤਿਕ ਸਰਪ੍ਰਸਤੀ ਮਿਲੀ ਅਤੇ ਉਸ ਦਾ ਨਤੀਜਾ ਅੱਜ ਪੰਜਾਬ ਭੁਗਤ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਸੱਚਮੁੱਚ ਗੈਂਗਸਟਰਾਂ ਅਤੇ ਨਸ਼ਾ ਸਮਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਾ ਚਾਹੁੰਦਾ ਹੈ ਤਾਂ ਪਹਿਲਾਂ ਆਪਣੀ ਪਾਰਟੀ ਦੇ ਅੰਦਰ ਝਾਤ ਮਾਰੇ | ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦਲ-ਦਲ 'ਚ ਧੱਕਣ ਵਾਲਿਆਂ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ |