ਫ਼ਿਰੋਜ਼ਪੁਰ, 26 ਫਰਵਰੀ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨ ਮੰਤਰੀ ਭਗਵੰਤ ਮਾਨ ਵਲੋਂ ਮਾਲਵਾ ਖੇਤਰ ਦੇ ਚਾਰ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੰਦਿਆਂ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਪਹਿਲੇ ਪੜਾਅ ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ ਗਈ | ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਵਲੋਂ ਕੀਤੇ ਕਾਰਜ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫ਼ਾ ਦੱਸਿਆ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ ਅਤੇ ਸਿੱਧੇ ਤੌਰ 'ਤੇ ਕਿਸਾਨੀ ਨੂੰ ਵੱਡਾ ਲਾਭ ਮਿਲੇਗਾ | ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਮਾਲਵਾ ਖੇਤਰ ਦੇ ਜ਼ਿਲ੍ਹਾ ਫ਼ਿਰੋਜ਼ਪੁਰ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਦੇ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ | ਵਿਧਾਇਕ ਭੁੱਲਰ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੇਗੀ ਤੇ ਉਕਤ ਇਲਾਕਿਆਂ ਵਿਚਲੇ ਖੇਤਾਂ 'ਚ ਨਹਿਰੀ ਪਾਣੀ ਦੀ ਪਹੁੰਚ ਪਹਿਲਾ ਨਾਲੋਂ ਵੱਧ ਜਾਵੇਗੀ | ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ 'ਚ ਅਸਫਲ ਰਹੀਆਂ, ਪਰ ਭਗਵੰਤ ਮਾਨ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਵੱਡੇ ਸੁਧਾਰ ਕਰਕੇ ਕਿਸਾਨੀ ਲਈ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ | ਅੰਤ 'ਚ ਵਿਧਾਇਕ ਭੁੱਲਰ ਨੇ ਜਾਣਕਾਰੀ ਸਾਂਝੀ ਕੀਤੀ ਕਿ ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲਿ੍ਹਆਂ ਦੇ ਬਲਾਕਾਂ ਗਿੱਦੜਬਾਹਾ, ਮੱਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂਹਰਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫ਼ਾਜ਼ਿਲਕਾ, ਮੁਕਤਸਰ ਤੇ ਫ਼ਿਰੋਜ਼ਪੁਰ ਦੇ ਕਿਸਾਨਾਂ ਨੂੰ ਵੀ ਕਿਸਾਨੀ ਲਈ ਵੱਡਾ ਫ਼ਾਇਦਾ ਹੋਵੇਗਾ |