ਫਿਰੋਜ਼ਪੁਰ, 3 ਮਾਰਚ (ਸੁਖਵਿੰਦਰ ਸਿੰਘ)-ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 'ਰੈਂਪ' (ਆਰ.ਏ.ਐਮ.ਪੀ.) ਸਕੀਮ ਅਧੀਨ 6 ਤੋਂ 8 ਮਾਰਚ ਤੱਕ ਜ਼ਿਲ੍ਹਾ ਪੱਧਰੀ 'ਪੰਜਾਬ ਸਖੀ ਸ਼ਕਤੀ ਮੇਲਾ' ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਮੇਲਾ ਗਰਾਉਂਡ ਨੇੜੇ ਸ਼ੀਤਲਾ ਮਾਤਾ ਮੰਦਰ, ਫਿਰੋਜ਼ਪੁਰ ਛਾਉਣੀ ਵਿਖੇ ਲਗਾਇਆ ਜਾਵੇਗਾ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿ) ਕਿ੍ਸ਼ਨਾ ਪਾਲ ਰਾਜਪੂਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੇਲੇ ਦੀਆਂ ਅਗਾਉਂ ਤਿਆਰੀਆਂ ਸਬੰਧੀ ਮੀਟਿੰਗ ਕਰਨ ਮੌਕੇ ਕੀਤਾ | ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਹੋ ਰਹੇ ਇਸ ਮੇਲੇ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਿ੍ਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਮੇਲੇ ਵਿੱਚ ਮਹਿਲਾਵਾਂ ਦੁਆਰਾ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਈ ਵਿਸ਼ੇਸ਼ ਸਟਾਲ ਲਗਾਏ ਜਾਣਗੇ | ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਰਸਾਉਣ ਦਾ ਸੁਨਹਿਰਾ ਮੌਕਾ ਮਿਲੇਗਾ | ਇਸ ਮੇਲੇ ਵਿਚ ਵਪਾਰਕ ਗਤੀਵਿਧੀਆਂ ਦੇ ਨਾਲ-ਨਾਲ ਲੋਕਾਂ ਦੇ ਮਨੋਰੰਜਨ ਲਈ ਵਿਸ਼ੇਸ਼ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਏ ਜਾਣਗੇ | ਮੇਲੇ ਵਿਚ ਗਿੱਧਾ, ਭੰਗੜਾ ਅਤੇ ਪ੍ਰਸਿੱਧ ਗਾਇਕ ਅਤੇ ਨੋਰਥ ਜੋਨ ਕਲਚਰਲ ਸੈਂਟਰ ਪਟਿਆਲਾ ਦੀਆਂ ਪੇਸ਼ਕਾਰੀਆਂ ਖਿੱਚ ਦਾ ਕੇਂਦਰ ਹੋਣਗੀਆਂ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਇਸ ਮੇਲੇ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ | ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਮੇਲੇ ਵਿਚ ਸ਼ਿਰਕਤ ਕਰਕੇ ਮਹਿਲਾ ਸ਼ਕਤੀ ਦਾ ਹੌਸਲਾ ਵਧਾਉਣ ਅਤੇ ਸਥਾਨਕ ਉਤਪਾਦਾਂ ਨੂੰ ਪ੍ਰੋਤਸਾਹਿਤ ਕਰਨ | ਮੀਟਿੰਗ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਸੁਖਰਾਜ ਸਿੰਘ ਐਫ.ਐਮ ਇੰਡਸਟਰੀਜ਼, ਐਸ.ਡੀ.ਓ ਸਿਮਰਨ ਕੌਰ ਸਮੇਤ ਵੱਖ-ਵੱਖ ਵਿਭਾਗਾਂ ਅਤੇ ਕਾਲਜਾਂ ਦੇ ਅਧਿਕਾਰੀ ਆਦਿ ਸ਼ਾਮਿਲ ਸਨ |