ਫ਼ਿਰੋਜ਼ਪੁਰ, 3 ਮਾਰਚ (ਗੁਰਿੰਦਰ ਸਿੰਘ, ਸੁਖਵਿੰਦਰ ਸਿੰਘ)-ਜ਼ਿਲ੍ਹਾ ਸਿਹਤ ਸੁਸਾਇਟੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿ) ਕਿ੍ਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਜ਼ਿਲ੍ਹੇ ਅੰਦਰ ਬਣਨ ਵਾਲੇ 8 ਨਵੇਂ ਆਮ ਆਦਮੀ ਕਲੀਨਿਕ ਬਾਰੇ ਅਤੇ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ, ਐਚ.ਪੀ.ਵੀ ਟੀਕਾਕਰਨ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ | ਇਸ ਤੋਂ ਇਲਾਵਾ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਐਚ.ਪੀ.ਵੀ (ਹੂਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਸਬੰਧੀ ਆਯੋਜਿਤ ਕੀਤੀ ਗਈ | ਮੀਟਿੰਗ ਦੌਰਾਨ 14 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਤੋਂ ਬਚਾਅ ਲਈ ਐਚ.ਪੀ.ਵੀ ਵੈਕਸੀਨ ਲਗਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ | ਇਹ ਟੀਕਾਕਰਨ ਮੁਹਿੰਮ 3 ਮਹੀਨੇ (90 ਦਿਨ) ਲਈ ਚਲਾਈ ਜਾਵੇਗੀ ਅਤੇ ਸਿਰਫ਼ ਉਨ੍ਹਾਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਈ ਜਾਵੇਗੀ ਜਿੱਥੇ ਕੋਲਡ ਚੇਨ ਪੌਇੰਟ, ਇੰਟਰਨੈੱਟ ਸੁਵਿਧਾ ਅਤੇ ਮਾਹਿਰ ਸਟਾਫ਼ ਉਪਲਬਧ ਹੋਵੇ | ਟੀਕਾਕਰਨ ਤੋਂ ਬਾਅਦ ਲਾਭਪਾਤਰਾਂ ਨੂੰ 30 ਮਿੰਟ ਨਿਗਰਾਨੀ ਹੇਠ ਰੱਖਿਆ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ (ਵਿ) ਵਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹੋਰ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਮਾਈਕ੍ਰੋਪਲਾਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਟੀਕਾਕਰਨ ਮੁਹਿੰਮ ਦਾ ਲਾਭ ਸਮੇਂ ਸਿਰ ਪ੍ਰਾਪਤ ਕੀਤਾ ਜਾ ਸਕੇ | ਉਨ੍ਹਾਂ ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ, ਪੰਚਾਇਤੀ ਰਾਜ ਅਤੇ ਹੋਰ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਬਣਾਕੇ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਇਸ ਤੋਂ ਇਲਾਵਾ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ 'ਤੇ ਵੀ ਜ਼ੋਰ ਦਿੱਤਾ ਗਿਆ ਤਾਂ ਕਿ ਭਵਿੱਖ ਵਿਚ ਸਰਵਾਈਕਲ ਕੈਂਸਰ ਤੋਂ ਸੁਰੱਖਿਆ ਮਿਲ ਸਕੇ | ਮੀਟਿੰਗ ਵਿਚ ਸਿਵਲ ਸਰਜਨ ਡਾ. ਰਾਜੀਵ ਪ੍ਰਾਸ਼ਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਮੁਨੀਲਾ ਅਰੋੜਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਢੀਂਗਰਾ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ |