ਫ਼ਿਰੋਜ਼ਪੁਰ, 5 ਮਾਰਚ (ਸੁਖਵਿੰਦਰ ਸਿੰਘ)-ਸਰਹੱਦੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਚ ਦੂਸ਼ਿਤ ਪਾਣੀ ਪੀਣ ਕਾਰਨ ਇਕ ਮਾਸੂਮ ਬੱਚੀ ਦੀ ਮੌਤ ਅਤੇ ਦਰਜਨਾਂ ਬੱਚਿਆਂ ਦੇ ਬਿਮਾਰ ਹੋਣ ਦੀ ਦਰਦਨਾਕ ਘਟਨਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਨੌਜਵਾਨ ਆਗੂ ਅਨੁਮੀਤ ਸਿੰਘ ਹੀਰਾ ਸੋਢੀ ਸਿਵਲ ਹਸਪਤਾਲ ਫ਼ਿਰੋਜ਼ਪੁਰ ਪਹੁੰਚੇ | ਉਨ੍ਹਾਂ ਹਸਪਤਾਲ ਵਿਚ ਇਲਾਜ ਅਧੀਨ ਬੱਚਿਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੁਲਾਕਾਤ ਕਰਕੇ ਦੁੱਖ ਪ੍ਰਗਟਾਇਆ | ਇਸ ਦੌਰਾਨ ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਲੋਂ ਹਰ ਸੰਭਵ ਮਦਦ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ | ਹਸਪਤਾਲ ਦੌਰੇ ਦੌਰਾਨ ਅਨੁਮੀਤ ਸਿੰਘ ਹੀਰਾ ਸੋਢੀ ਨੇ ਕਿਹਾ ਕਿ ਦੂਸ਼ਿਤ ਪਾਣੀ ਕਾਰਨ ਮਾਸੂਮ ਬੱਚੀ ਦੀ ਮੌਤ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਨਾਮ 'ਤੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਵੀ ਨਾਕਾਮ ਸਾਬਤ ਹੋ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਸਕੂਲਾਂ ਅਤੇ ਪਿੰਡਾਂ ਵਿਚ ਸਾਫ਼ ਪੀਣ ਯੋਗ ਪਾਣੀ ਦੀ ਵਿਵਸਥਾ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ, ਪਰ ਲਾਪਰਵਾਹੀ ਕਾਰਨ ਮਾਸੂਮ ਬੱਚਿਆਂ ਦੀ ਜ਼ਿੰਦਗੀ ਖ਼ਤਰੇ ਵਿਚ ਪੈ ਗਈ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਤਿਆਰ ਕੀਤੀ ਗਈ ਮੁੱਢਲੀ ਜਾਂਚ ਰਿਪੋਰਟ ਵਿਚ ਵੀ ਕਈ ਗੰਭੀਰ ਖ਼ਾਮੀਆਂ ਸਾਹਮਣੇ ਆਈਆਂ ਹਨ | ਜੋ ਸੰਬੰਧਿਤ ਵਿਭਾਗਾਂ ਦੀ ਲਾਪਰਵਾਹੀ ਨੂੰ ਬੇਨਕਾਬ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਪਾਣੀ ਦੀ ਸਪਲਾਈ ਪ੍ਰਣਾਲੀ ਅਤੇ ਟੈਂਕੀਆਂ ਦੀ ਸਫ਼ਾਈ 'ਤੇ ਧਿਆਨ ਦਿੱਤਾ ਜਾਂਦਾ ਤਾਂ ਸ਼ਾਇਦ ਇਹ ਦੁਖਦਾਈ ਘਟਨਾ ਟਾਲੀ ਜਾ ਸਕਦੀ ਸੀ | ਭਾਜਪਾ ਨੇਤਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਤਕ ਬੱਚੀ ਦੇ ਪਰਿਵਾਰ ਨੂੰ ਤੁਰੰਤ ਯੋਗ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਟੈਂਕੀਆਂ ਦੀ ਨਿਯਮਿਤ ਜਾਂਚ ਅਤੇ ਸਫ਼ਾਈ ਯਕੀਨੀ ਬਣਾਈ ਜਾਵੇ | ਇਸ ਮੌਕੇ ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਵੀ ਬੱਚਿਆਂ ਦੇ ਬਿਹਤਰ ਇਲਾਜ ਲਈ ਸਾਰੀਆਂ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਉਣ ਦੀ ਅਪੀਲ ਕੀਤੀ | ਇਸ ਮੌਕੇ ਅਸ਼ਵਨੀ ਗਰੋਵਰ, ਦਵਿੰਦਰ ਬਜਾਜ, ਐਡਵੋਕੇਟ ਸੁਰਿੰਦਰ ਸਿੱਧੂ, ਦਵਿੰਦਰ ਕਪੂਰ, ਦਵਿੰਦਰ ਜੰਗ, ਸਨੀ ਕਥੂਰੀਆ, ਲੱਕੀ ਬੇਦੀ, ਰਾਜਬੀਰ ਭੁੱਲਰ, ਹਰਿੰਦਰ ਕੁੱਲ ਅਤੇ ਬਲਜਿੰਦਰ ਮਮਦੋਟ ਆਦਿ ਵੀ ਮੌਜੂਦ ਸਨ |