ਗੁਰੂਹਰਸਹਾਏ, 6 ਮਾਰਚ (ਕਪਿਲ ਕੰਧਾਰੀ)-ਸ਼ਹਿਰ ਵਿਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਸ਼ਰਾਰਤੀ ਅਨਸਰਾਂ 'ਤੇ ਨਕੇਲ ਪਾਉਣ ਲਈ ਡੀ.ਐੱਸ.ਪੀ ਰਾਜਵੀਰ ਸਿੰਘ ਵਲੋਂ ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਸ ਦੌਰਾਨ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬੜੀ ਬਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਡੀ.ਐੱਸ.ਪੀ ਰਾਜਵੀਰ ਸਿੰਘ ਦੇ ਨਾਲ ਥਾਣਾ ਮੁਖੀ ਜਗਦੀਪ ਸਿੰਘ ਅਤੇ ਪੁਲਿਸ ਪਾਰਟੀ ਵੀ ਮੌਜੂਦ ਸੀ | ਪੁਲਿਸ ਟੀਮਾਂ ਵਲੋਂ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਦਸਤਾਵੇਜ਼ਾਂ ਦੀ ਵੀ ਪੜਤਾਲ ਕੀਤੀ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਦਾ ਮੁੱਖ ਮਕਸਦ ਇਲਾਕੇ ਵਿਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਬਣਾਉਣਾ ਅਤੇ ਅਪਰਾਧਿਕ ਤੱਤਾਂ 'ਤੇ ਨਜ਼ਰ ਰੱਖਣਾ ਹੈ | ਡੀ.ਐੱਸ.ਪੀ ਰਾਜਵੀਰ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ | ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁਲਿਸ ਪ੍ਰਸ਼ਾਸਨ ਵਲੋਂ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨ ਵਿਰੋਧੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ |