ਗੁਰੂਹਰਸਹਾਏ, 8 ਮਾਰਚ (ਕਪਿਲ ਕੰਧਾਰੀ)-ਇੰਜੀਨੀਅਰਜ਼ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਪੰਜਾਬ (ਰਜਿ.) ਵਲੋਂ ਸਾਂਝੇ ਫ਼ਰੰਟ ਦੇ ਸੱਦੇ 'ਤੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ | ਬਜਟ ਸੈਸ਼ਨ ਦੇ ਮੱਦੇਨਜ਼ਰ 8 ਮਾਰਚ ਤੋਂ 11 ਮਾਰਚ 2026 ਤੱਕ ਮੋਹਾਲੀ ਵਿਖੇ ਲਗਾਤਾਰ ਰੋਸ ਰੈਲੀਆਂ ਕਰਕੇ ਪੰਜਾਬ ਵਿਧਾਨ ਸਭਾ ਵਲ ਰੋਸ ਮਾਰਚ ਕੀਤਾ ਜਾਵੇਗਾ | ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਦਾ ਰਵੱਈਆ ਨਿਰਾਸ਼ਾਜਨਕ ਹੈ | ਜਿਸ ਕਾਰਨ ਪੈਨਸ਼ਨਰਾਂ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸਰਪ੍ਰਸਤ ਸਰਕਲ ਫਿਰੋਜ਼ਪੁਰ ਇੰਜੀਨੀਅਰ ਬਲਬੀਰ ਸਿੰਘ ਵੋਹਰਾ ਨੇ ਸਮੂਹ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ 9 ਮਾਰਚ 2026 ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਫ਼ੇਜ਼ 6 , ਮੋਹਾਲੀ ਦੇ ਸਾਹਮਣੇ ਮਾਰਕੀਟ ਕੰਪਲੈਕਸ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਣ ਅਤੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕਰਕੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਨ | ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਪੈਨਸ਼ਨਰਾਂ ਦੇ ਹੱਕਾਂ ਦੀ ਰੱਖਿਆ ਲਈ ਹੀ ਨਹੀਂ, ਸਗੋਂ ਭਵਿੱਖ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਦੇ ਹਿਤਾਂ ਲਈ ਵੀ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੀ ਜ਼ਮੀਰ ਅਜੇ ਵੀ ਜਿੰਦਾ ਹੈ ਅਤੇ ਉਹ ਆਪਣੇ ਹੱਕ ਲੈਣ ਲਈ ਇੱਕਜੁੱਟ ਹੋ ਕੇ ਸੰਘਰਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਜੇਕਰ ਸਾਰੇ ਪੈਨਸ਼ਨਰ ਤਨੋਂ-ਮਨੋਂ-ਧਨੋਂ ਇਕੱਠੇ ਹੋ ਕੇ ਇਸ ਸੰਘਰਸ਼ ਵਿੱਚ ਹਿੱਸਾ ਲੈਂਦੇ ਹਨ ਤਾਂ ਕਿਸੇ ਵੀ ਹੈਂਕੜਬਾਜ਼ ਸਰਕਾਰ ਨੂੰ ਝੁਕਣ ਲਈ ਮਜਬੂਰ ਕੀਤਾ ਜਾ ਸਕਦਾ ਹੈ |