ਗੁਰੂਹਰਸਹਾਏ, 9 ਮਾਰਚ (ਕਪਿਲ ਕੰਧਾਰੀ)-ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਬਲਾਕ ਪੱਧਰੀ ਮੀਟਿੰਗ ਬਲਾਕ ਆਗੂ ਪੂਰਨ ਚੰਦ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਆਯੋਜਿਤ ਕੀਤੀ ਗਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਹੋਏ | ਮੀਟਿੰਗ ਵਿਚ ਇਲਾਕੇ ਦੇ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸੰਬੰਧਿਤ ਵੱਖ-ਵੱਖ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਆਗੂ ਪੂਰਨ ਚੰਦ ਨੇ ਕਿਹਾ ਕਿ ਕਿਸਾਨ ਵਰਗ ਇਸ ਸਮੇਂ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ | ਉਸ ਤੋਂ ਬਾਅਦ ਉਨ੍ਹਾਂ ਨੇ ਇਕਾਈਆਂ ਦੇ ਪ੍ਰਧਾਨਾਂ ਅਤੇ ਮੈਂਬਰਾਂ ਨੂੰ 10 ਮਾਰਚ 2026 ਨੂੰ ਬਰਨਾਲਾ ਵਿਖੇ ਹੋਣ ਵਾਲੀ ਵੱਡੀ ਰੈਲੀ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਇਹ ਰੈਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿਲ, ਬੀਜ ਸੋਧ ਬਿਲ ਅਤੇ ਅਮਰੀਕਾ ਨਾਲ ਕੀਤੇ ਸਮਝੌਤੇ ਦੇ ਵਿਰੋਧ ਵਿਚ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਇਹ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਅਤੇ ਆਮ ਲੋਕਾਂ 'ਤੇ ਬੁਰਾ ਅਸਰ ਪਵੇਗਾ | ਇਸ ਲਈ ਇਸ ਦੇ ਵਿਰੋਧ ਵਿਚ ਇਕੱਠੇ ਹੋ ਕੇ ਸੰਘਰਸ਼ ਕਰਨਾ ਜ਼ਰੂਰੀ ਹੈ | ਉਨ੍ਹਾਂ ਸਾਰੇ ਕਿਸਾਨਾਂ, ਮਜ਼ਦੂਰਾਂ ਅਤੇ ਜੁਝਾਰੂ ਵਰਕਰਾਂ ਨੂੰ ਅਪੀਲ ਕੀਤੀ ਕਿ ਬਰਨਾਲਾ ਰੈਲੀ ਨੂੰ ਸਫਲ ਬਣਾਉਣ ਲਈ ਭਾਰੀ ਗਿਣਤੀ ਵਿਚ ਕਿਸਾਨ ਪਹੁੰਚਣ | ਮੀਟਿੰਗ ਦੌਰਾਨ ਜ਼ਿਲ੍ਹਾ ਸਕੱਤਰ ਰਤਨ ਸਿੰਘ ਛਾਂਗਾ, ਸੁਖਵਿੰਦਰ ਸਿੰਘ ਛਾਂਗਾ, ਹਰਜਿੰਦਰ ਸਿੰਘ ਇਕਾਈ ਪ੍ਰਧਾਨ, ਕਰਨੈਲ ਸਿੰਘ, ਰਮੇਸ਼ ਸਿੰਘ, ਮਨੋਹਰ ਸਿੰਘ, ਦਰਸ਼ਨ ਸਿੰਘ ਇਕਾਈ ਪ੍ਰਧਾਨ, ਦਲੀਪ ਸਿੰਘ, ਸ਼ਰਮਾ ਸਿੰਘ ਮੋਹਨ ਕੇ ਉਤਾੜ, ਖੰਡਾ ਸਿੰਘ, ਬਸ਼ੰਬਰ ਸਿੰਘ ਅਤੇ ਮੁਖ਼ਤਿਆਰ ਸਿੰਘ ਸਮੇਤ ਹੋਰ ਕਈ ਆਗੂ ਅਤੇ ਮੈਂਬਰ ਹਾਜ਼ਰ ਸਨ |