ਫ਼ਿਰੋਜ਼ਪੁਰ, 10 ਮਾਰਚ(ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿਚ ਭਰਤੀ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਮੁਫ਼ਤ ਤਿਆਰੀ ਕੈਂਪ ਸ਼ੁਰੂ ਕੀਤਾ ਜਾ ਰਿਹਾ ਹੈ | ਸੀ-ਪਾਈਟ ਕੈਂਪ ਦੇ ਕੈਂਪ ਟਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਆਨਲਾਈਨ ਰਜਿਸਟਰੇਸ਼ਨ 10 ਮਾਰਚ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਤਿਆਰੀ 16 ਮਾਰਚ 2026 ਤੋਂ ਕੈਂਪ ਵਿਚ ਸ਼ੁਰੂ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ, ਫਰੀਦਕੋਟ, ਫ਼ਾਜ਼ਿਲਕਾ, ਮੁਕਤਸਰ ਅਤੇ ਮੋਗਾ ਜ਼ਿਲਿ੍ਹਆਂ ਦੇ ਚਾਹਵਾਨ ਨੌਜਵਾਨ ਜੋ ਪੰਜਾਬ ਪੁਲਿਸ ਵਿਚ ਭਰਤੀ ਲਈ ਲਿਖਤੀ ਪੇਪਰ ਅਤੇ ਫਿਜ਼ੀਕਲ ਟੈੱਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ | ਉਹ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸਵੇਰੇ 9 ਵਜੇ ਪਹੁੰਚ ਕੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੈਣ | ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿਚ ਆਉਣ ਸਮੇਂ ਉਮੀਦਵਾਰ ਆਪਣੇ ਨਾਲ ਆਨਲਾਈਨ ਅਪਲਾਈ ਦੀ ਕਾਪੀ, 10ਵੀਂ ਦਾ ਅਸਲ ਸਰਟੀਫਿਕੇਟ, +2 ਅਤੇ ਇਸ ਤੋਂ ਉੱਚ ਪੜ੍ਹਾਈ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਪੰਜਾਬ ਰਿਹਾਇਸ਼ ਸਰਟੀਫਿਕੇਟ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਸਟੇਟਮੈਂਟ ਜਾਂ ਫੋਟੋ ਕਾਪੀ (ਖਾਤਾ ਚਾਲੂ ਹਾਲਤ ਵਿਚ), ਦੋ ਪਾਸਪੋਰਟ ਸਾਈਜ਼ ਫ਼ੋਟੋਆਂ, ਇਕ ਕਾਪੀ ਅਤੇ ਪੈੱਨ ਨਾਲ ਲਿਆਉਣ | ਇਸ ਤੋਂ ਇਲਾਵਾ ਉਮੀਦਵਾਰਾਂ ਨੂੰ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਵੀ ਆਪਣੇ ਨਾਲ ਲਿਆਉਣਾ ਹੋਵੇਗਾ | ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਕੋਰਸ ਦੌਰਾਨ ਉਮੀਦਵਾਰਾਂ ਲਈ ਖਾਣ-ਪੀਣ ਅਤੇ ਰਿਹਾਇਸ਼ ਦੀ ਸੁਵਿਧਾ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਲਈ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ | ਵਧੇਰੇ ਜਾਣਕਾਰੀ ਲਈ 73476-66557 'ਤੇ ਸੰਪਰਕ ਕੀਤਾ ਜਾ ਸਕਦਾ ਹੈ |