ਫ਼ਿਰੋਜ਼ਪੁਰ, 10 ਮਾਰਚ(ਗੁਰਿੰਦਰ ਸਿੰਘ)-ਬੀਤੇ ਦਿਨ ਭਾਰਤੀ ਟੀਮ ਦੇ ਵਰਲਡ ਕਿ੍ਕਟ ਕੱਪ ਜਿੱਤਣ ਤੋਂ ਬਾਅਦ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਲੱਗੇ ਬੁੱਤ ਨਾਲ ਕੁਝ ਹੁੱਲੜਬਾਜ਼ਾਂ ਵਲੋਂ ਕੀਤੀ ਗਈ ਬੇਅਦਬੀ ਦਾ ਮਾਮਲਾ ਭਖਣ ਲੱਗਾ ਹੈ | ਇਸ ਸੰਬੰਧੀ ਕੁਝ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ | ਜਿਨ੍ਹਾਂ ਨੂੰ ਦੇਖ ਕੇ ਲੋਕਾਂ ਵਿਚ ਗ਼ੁੱਸਾ ਅਤੇ ਨਾਰਾਜ਼ਗੀ ਪਾਈ ਜਾ ਰਹੀ ਹੈ | ਇਸ ਮਾਮਲੇ ਸਬੰਧੀ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ (ਰਜਿ) ਫ਼ਿਰੋਜ਼ਪੁਰ ਦੇ ਪ੍ਰਧਾਨ ਭਗਵਾਨ ਸਿੰਘ ਸਾਮਾਂ ਅਤੇ ਅਹੁਦੇਦਾਰਾਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਪ੍ਰਤੀ ਲੋਕਾਂ ਦੇ ਦਿਲਾਂ ਵਿਚ ਬੇਅੰਤ ਸ਼ਰਧਾ ਅਤੇ ਸਤਿਕਾਰ ਹੈ | ਸੋਸ਼ਲ ਮੀਡੀਆ 'ਤੇ ਚੱਲ ਰਹੀਆਂ ਤਸਵੀਰਾਂ ਅਤੇ ਵੀਡੀਉਜ਼ ਨੂੰ ਦੇਖ ਕੇ ਕਮੇਟੀ ਦੇ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਦੇ ਦਿਲਾਂ ਨੂੰ ਗਹਿਰੀ ਠੇਸ ਪਹੁੰਚੀ ਹੈ | ਕਮੇਟੀ ਵਲੋਂ ਡੀ.ਐੱਸ.ਪੀ ਸਿਟੀ ਸੁਖਵਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਦਿੱਤੇ ਮੰਗ ਪੱਤਰ ਵਿਚ ਕਿਹਾ ਹੈ ਕਿ ਅਜਿਹੀ ਘਟਨਾ ਨਾਲ ਸ਼ਹਿਰ ਦੇ ਵੱਖ-ਵੱਖ ਵਰਗਾਂ ਵਿਚ ਨਫ਼ਰਤ ਅਤੇ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਉਨ੍ਹਾਂ ਨੇ ਦੱਸਿਆ ਕਿ ਵੀਡੀਉਜ਼ ਦੇ ਆਧਾਰ 'ਤੇ ਦੋਸ਼ੀਆਂ ਦੀ ਪਹਿਚਾਣ ਕਰਨਾ ਆਸਾਨ ਹੈ ਅਤੇ ਸੋਸ਼ਲ ਮੀਡੀਆ 'ਤੇ ਅੱਪਲੋਡ ਹੋ ਰਹੀਆਂ ਕਲਿੱਪਾਂ ਵੀ ਉਨ੍ਹਾਂ ਦੀ ਪਹਿਚਾਣ ਵਿਚ ਮਦਦਗਾਰ ਸਾਬਤ ਹੋ ਸਕਦੀਆਂ ਹਨ | ਮੈਮੋਰੀਅਲ ਕਮੇਟੀ ਨੇ ਪ੍ਰਸ਼ਾਸਨ ਅਤੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਦੋਸ਼ੀਆਂ ਦੀ ਜਲਦ ਤੋਂ ਜਲਦ ਸ਼ਨਾਖਤ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ |