ਫਿਰੋਜ਼ਪੁਰ,11 ਮਾਰਚ (ਸੁਖਵਿੰਦਰ ਸਿੰਘ)-ਸਰਹੱਦੀ ਇਲਾਕੇ ਹੁਸੈਨੀਵਾਲਾ ਸਥਿਤ ਸ਼ਹੀਦੀ ਸਮਾਰਕ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਵਿਸ਼ਾਲ ਸ਼ਹੀਦੀ ਸਮਾਗਮ ਆਯੋਜਿਤ ਕੀਤਾ ਜਾਵੇਗਾ | ਇਸ ਸਮਾਗਮ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ | ਇਸ ਸਬੰਧੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਦੀਪ ਕੌਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਨ ਲਈ ਹੁਸੈਨੀਵਾਲਾ ਪਹੁੰਚਦੇ ਹਨ | ਇਸ ਲਈ ਸਮੂਹ ਵਿਭਾਗ ਪਹਿਲਾਂ ਤੋਂ ਹੀ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮ ਵਾਲੀ ਥਾਂ 'ਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ, ਮੈਡੀਕਲ ਟੀਮਾਂ ਦੀ ਤਾਇਨਾਤੀ, ਐਂਬੂਲੈਂਸ ਸੇਵਾ, ਟਰੈਫ਼ਿਕ ਵਿਵਸਥਾ, ਪਾਰਕਿੰਗ, ਪੀਣ ਵਾਲੇ ਪਾਣੀ ਦੀ ਸਹੂਲਤ, ਪਖਾਨਿਆਂ ਅਤੇ ਸਾਫ਼-ਸਫ਼ਾਈ ਸਮੇਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ | ਇਸ ਦੇ ਨਾਲ ਹੀ ਸਮਾਰਕ 'ਤੇ ਆਉਣ ਵਾਲੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕਰਨ, ਆਵਾਜਾਈ ਸੁਚਾਰੂ ਬਣਾਉਣ ਲਈ ਬੱਸਾਂ ਤੇ ਰੇਲ ਗੱਡੀਆਂ ਦੀ ਵਿਸ਼ੇਸ਼ ਵਿਵਸਥਾ ਕਰਨ ਲਈ ਵੀ ਕਿਹਾ ਗਿਆ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਸਮਾਗਮ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਵਿਭਾਗ ਆਪਣੀਆਂ ਡਿਊਟੀਆਂ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ | ਮੀਟਿੰਗ ਵਿਚ ਆਰ.ਟੀ.ਏ. ਤੁਸ਼ਿਤਾ ਗੁਲ੍ਹਾਟੀ, ਐਸ.ਪੀ.(ਐੱਚ) ਧਰਮਵੀਰ ਸਿੰਘ, ਡੀ.ਆਰ.ਓ. ਬੀਰਕਰਨ ਸਿੰਘ, ਐਲ.ਡੀ.ਐਮ.ਗੀਤਾ ਮਹਿਤਾ, ਜੀ.ਐਮ. ਰੋਡਵੇਜ਼ ਅਮਿਤ ਅਰੋੜਾ, ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਸਮੇਤ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |