ਅਬੋਹਰ, 11 ਮਾਰਚ (ਤੇਜਿੰਦਰ ਸਿੰਘ ਖ਼ਾਲਸਾ)- ਸ਼ਹਿਰ ਵਿਚ ਵਧ ਰਹੀ ਲੁੱਟ ਖੋਹ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਵਪਾਰ ਮੰਡਲ ਦੇ ਇਕ ਵਫ਼ਦ ਨੇ ਪ੍ਰਧਾਨ ਸੁਰੇਸ਼ ਸਤੀਜਾ ਦੀ ਅਗਵਾਈ ਹੇਠ ਐੱਸ.ਪੀ ਅਬੋਹਰ ਆਸਵੰਤ ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਥਾਣਾ ਸਿਟੀ 1 ਮੁਖੀ ਰਵਿੰਦਰ ਸਿੰਘ ਭੀਟੀ ਵੀ ਮੌਜੂਦ ਸਨ | ਮੀਟਿੰਗ ਦੌਰਾਨ ਸ਼ਹਿਰ ਵਿਚ ਵਧ ਰਹੇ ਅਪਰਾਧਾਂ ਬਾਰੇ ਚਰਚਾ ਕੀਤੀ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਅਪਰਾਧ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ | ਵਪਾਰ ਮੰਡਲ ਦੇ ਪ੍ਰਧਾਨ ਸੁਰੇਸ਼ ਸਤੀਜਾ ਨੇ ਕਿਹਾ ਕਿ ਸ਼ਹਿਰ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਸਰਗਰਮੀ ਨਾਲ ਕੰਮ ਕਰ ਰਿਹਾ ਹੈ | ਹਾਲ ਹੀ ਵਿਚ ਦੋਨਾਂ ਥਾਣੇ ਦੀ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਕੀਤਾ ਅਤੇ ਕਾਪਾ ਗੈਂਗ ਦੇ ਲਗਭਗ ਇਕ ਦਰਜਨ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ | ਉਨ੍ਹਾਂ ਕਿਹਾ ਕਿ ਪੁਲਿਸ ਦੀ ਇਸ ਕਾਰਵਾਈ ਤੋਂ ਵਪਾਰੀਆਂ ਵਿਚ ਵੀ ਵਿਸ਼ਵਾਸ ਵਧਿਆ ਹੈ ਅਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਵਪਾਰੀ ਵਰਗ ਹਮੇਸ਼ਾ ਤੋਂ ਕਾਨੂੰਨ ਵਿਵਸਥਾ ਬਣਾਏ ਰੱਖਣ ਵਿਚ ਪੁਲਿਸ ਦਾ ਸਹਿਯੋਗ ਕਰਦਾ ਰਿਹਾ ਹੈ | ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਚੋਰਾਂ ਤੋਂ ਪੁੱਛਗਿੱਛ ਦੌਰਾਨ ਕਿਸੇ ਵੀ ਦੁਕਾਨਦਾਰ ਨੂੰ ਪਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਤਾਂ ਜੋ ਵਪਾਰੀਆਂ ਅਤੇ ਪੁਲਿਸ ਵਿਚਕਾਰ ਵਿਸ਼ਵਾਸ ਅਤੇ ਸਹਿਯੋਗ ਦਾ ਮਾਹੌਲ ਬਣਿਆ ਰਹੇ | ਇਸ ਦੌਰਾਨ ਐੱਸ.ਪੀ ਆਸਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪੂਰੀ ਜ਼ਿੰਮੇਵਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ | ਇਸ ਮੌਕੇ ਵਪਾਰ ਮੰਡਲ ਦੇ ਸਕੱਤਰ ਕਿ੍ਸ਼ਨਾ ਨਰੂਲਾ, ਖ਼ਜ਼ਾਨਚੀ ਸੰਜੀਵ ਚਾਵਲਾ ਟਿੰਮੀ, ਉਪ ਪ੍ਰਧਾਨ ਸੁਨੀਲ ਹਾਂਡਾ, ਰਮੇਸ਼ ਸੋਨੀ, ਸੁਮਿਤ ਸੋਨੀ, ਸੋਨੂੰ ਸੋਨੀ, ਸੋਨੂੰ ਭਾਂਮਾ, ਰਾਜੂ ਸਵਾਮੀ, ਸੁਰਿੰਦਰ ਸੋਨੀ, ਮੋਨੂੰ ਸੋਨੀ, ਰਵਿੰਦਰ ਸੋਨੀ ਅਤੇ ਰਾਜੂ ਜੰਗਵਾਲ ਸਹਿਤ ਕਈ ਵਪਾਰੀ ਮੌਜੂਦ ਸਨ |