ਗੁਰੂਹਰਸਹਾਏ, 12 ਮਾਰਚ (ਹਰਚਰਨ ਸਿੰਘ ਸੰਧੂ)-ਨਸ਼ਾ ਵਿਰੋਧੀ ਫ਼ਰੰਟ ਗੁਰੂਹਰਸਹਾਏ ਵਲੋਂ ਅੱਜ ਇਕ ਵਿਸ਼ੇਸ਼ ਮੀਟਿੰਗ ਸਥਾਨਕ ਰੇਲਵੇ ਪਾਰਕ ਵਿਚ ਕਨਵੀਨਰ ਧਰਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੀਟਿੰਗ ਵਿਚ ਫ਼ਰੰਟ ਵਿਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਵਿਚ ਨਸ਼ਿਆਂ ਦੀ ਰੋਕਥਾਮ ਸਬੰਧੀ ਪੰਜਾਬ ਸਰਕਾਰ ਵਲੋਂ ਚਲਾਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਠੁੱਸ ਹੋਣ ਅਤੇ ਇਲਾਕੇ ਵਿਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ | ਇਸ ਮੀਟਿੰਗ ਵਿਚ ਸਰਵ ਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦੇ ਉੱਚ ਅਧਿਕਾਰੀਆਂ ਐਸ.ਐਸ.ਪੀ. ਸਾਹਿਬ ਫਿਰੋਜ਼ਪੁਰ ਅਤੇ ਡੀ.ਸੀ. ਫਿਰੋਜ਼ਪੁਰ ਨੂੰ ਮਿਲ ਕੇ ਇਸ ਮੁੱਦੇ ਨੂੰ ਗੰਭੀਰਤਾ ਅਤੇ ਪੂਰੇ ਜੋਸ਼ੋ ਖਰੋਸ਼ ਨਾਲ ਚੁੱਕਿਆ ਜਾਵੇ ਅਤੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਅਗਲੇ ਹਫ਼ਤੇ ਉਕਤ ਅਧਿਕਾਰੀਆਂ ਨੂੰ ਨਾਲ ਮੀਟਿੰਗ ਕੀਤੀ ਜਾਵੇਗੀ | ਮੀਟਿੰਗ ਉਪਰੰਤ ਨਸ਼ਾ ਵਿਰੋਧੀ ਫ਼ਰੰਟ ਦੇ ਆਗੂਆਂ ਦਾ ਇਕ ਵਫ਼ਦ ਹੈ ਸਥਾਨਕ ਐਸ.ਐੱਚ.ਓ. ਗੁਰੂਹਰਸਹਾਏ ਨੂੰ ਮਿਲਿਆ ਅਤੇ ਇਲਾਕੇ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਸਬੰਧੀ ਡੁੰਘਾਈ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਵਫ਼ਦ ਵਲੋਂ ਮੰਗ ਕੀਤੀ ਗਈ ਕਿ ਇਲਾਕੇ ਵਿਚ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ | ਆਗੂਆਂ ਨੇ ਐਸ.ਐਚ. ਓ ਗੁਰੂਹਰਸਾਏ ਨੂੰ ਇਹ ਵੀ ਵਿਸ਼ਵਾਸ ਦਵਾਇਆ ਕਿ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਨਸ਼ਾ ਵਿਰੋਧੀ ਫ਼ਰੰਟ ਵਲੋਂ ਪੁਲਿਸ ਦੀ ਹਰ ਤਰ੍ਹਾਂ ਨਾਲ ਵੱਧ ਕੀਤੀ ਜਾਵੇਗੀ | ਜਿਸ 'ਤੇ ਥਾਣਾ ਮੁਖੀ ਜਗਦੀਪ ਸਿੰਘ ਨੇ ਵਫ਼ਦ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਦਿਆਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਨਸ਼ਿਆਂ ਦੇ ਖ਼ਿਲਾਫ਼ ਪੂਰੀ ਮੁਸਤੈਦੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਆਮ ਲੋਕਾਂ ਦੇ ਸਾਥ ਨਾਲ ਵਫ਼ਦ ਵਲੋਂ ਕੀਤੀਆਂ ਗਈਆਂ ਮੰਗਾਂ ਨੂੰ ਮੁੱਖ ਰੱਖਦਿਆਂ ਜਲਦੀ ਨਸ਼ਿਆਂ ਦੇ ਵਪਾਰੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਸਿੰਘ ਮੋਠਾਂ ਵਾਲਾ, ਨਰੇਸ਼ ਕੁਮਾਰ ਸੇਠੀ, ਪ੍ਰਤਾਪ ਸਿੰਘ ਲਖਮੀਰਪੁਰਾ, ਰਾਜ ਕੁਮਾਰ ਬਹਾਦਰ ਕੇ, ਸਤਪਾਲ ਸਿੰਘ, ਨੌਨਿਹਾਲ ਸਿੰਘ, ਚਰਨਜੀਤ ਸਿੰਘ ਛਾਂਗਾ ਰਾਏ, ਗੁਰਵਿੰਦਰ ਸਿੰਘ ਅਮਰਜੀਤ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ |