ਫ਼ਿਰੋਜ਼ਪੁਰ, 12 ਮਾਰਚ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਅਤੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਆਮ ਲੋਕਾਂ ਵਿਚ ਵੱਧ ਰਹੀ ਕਾਲਾ ਮੋਤੀਆ ਬਿਮਾਰੀ ਤੋਂ ਬਚਾਓ ਲਈ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਦੌਰਾਨ ਹਸਪਤਾਲ ਵਿਚ ਇਲਾਜ ਕਰਵਾਉਣ ਆਏ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜਾਗਰੂਕ ਕਰਦੇ ਹੋਏ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਦੀਕਸ਼ਿਤ ਸਿੰਗਲਾ ਅਤੇ ਡਾ. ਅਸ਼ਮਿਤਾ ਬਜਾਜ ਨੇ ਕਿਹਾ ਕਿ ਗਲੋਕੋਮਾ ਦੇ ਲੱਛਣ ਅਸਧਾਰਨ ਸਿਰ ਦਰਦ, ਅੱਖਾਂ ਵਿਚ ਦਰਦ, ਪੜ੍ਹਨ ਵਾਲੀ ਐਨਕਾਂ ਦਾ ਵਾਰ ਵਾਰ ਬਦਲਣਾ, ਰੌਸ਼ਨੀ ਵੱਲ ਵੇਖਣ ਦੌਰਾਨ ਪ੍ਰਕਾਸ਼ ਦੇ ਆਲੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿਚ ਦਰਦ ਅਤੇ ਲਾਲੀ, ਦਿ੍ਸ਼ਟੀ ਦੇ ਖੇਤਰ ਦਾ ਸੀਮਤ ਹੋਣਾ ਆਦਿ ਹਨ | ਇਸ ਦੇ ਚੱਲਦੇ ਅਪਥੈਲਮਿਕ ਅਧਿਕਾਰੀ ਆਸ਼ੂ ਸ਼ਰਮਾ ਨੇ ਕਿਹਾ ਕਿ ਸ਼ੂਗਰ ਅਤੇ ਹਾਈ ਬਲੱਡ ਪੈ੍ਰਸ਼ਰ ਬਿਮਾਰੀ ਨਾਲ ਪੀੜਤ ਮਰੀਜ਼, ਐਲਰਜੀ, ਦਮਾ, ਚਮੜੀ ਰੋਗਾਂ ਦੇ ਪੀੜਤ ਜੋ ਸਟੀਰਾਈਡ ਦੀ ਵਰਤੋਂ ਕਰਦੇ ਹਨ | ਉਹ ਕਾਲਾ ਮੋਤੀਆ ਬਿਮਾਰੀ ਦੇ ਜਲਦੀ ਸ਼ਿਕਾਰ ਹੋ ਸਕਦੇ ਹਨ | ਇਸ ਲਈ ਉਨ੍ਹਾਂ ਨੂੰ ਸਾਵਧਾਨੀਆਂ ਵਰਤਣੀਆਂ ਅਤਿ ਜ਼ਰੂਰੀ ਹਨ | ਇਸ ਮੌਕੇ ਹਾਜ਼ਰ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਭਾਰਤ ਵਿਚ ਕਾਲਾ ਮੋਤੀਆ (ਗਲੋਕੋਮਾ) ਸਥਾਈ ਅੰਨ੍ਹੇਪਣ ਦੇ ਕਾਰਨਾਂ ਵਿਚੋਂ ਇਕ ਮੁੱਖ ਕਾਰਨ ਹੈ | ਅਜਿਹੇ ਕਿਸੇ ਵੀ ਲੱਛਣ ਦੇ ਪ੍ਰਗਟ ਹੋਣ ਤੇ ਆਪਣੀ ਅੱਖਾਂ ਦਾ ਦਬਾਅ (ਪਰੈਸਰ) ਤੁਰੰਤ ਚੈੱਕ ਕਰਵਾਉਣਾ ਚਾਹੀਦਾ ਹੈ | ਉਨ੍ਹਾਂ ਜਾਣਕਾਰੀ ਸਾਂਝੀ ਕੀਤੀ ਕਿ ਸਿਹਤ ਵਿਭਾਗ ਵਲੋਂ 14 ਮਾਰਚ ਤੱਕ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ ਡਵੀਜ਼ਨ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਕਾਲੇ ਮੋਤੀਏ ਦੇ ਮੁਫ਼ਤ ਚੈੱਕਅਪ ਕੈਂਪ ਲਗਾਏ ਜਾ ਰਹੇ ਹਨ | ਸੈਮੀਨਾਰ ਵਿਚ ਨੇਹਾ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਸ਼ਿਵਾਨੀ ਸ਼ੁਕਲਾ ਫਾਰਮੇਸੀ ਅਧਿਕਾਰੀ, ਸਰਿਸ਼ਤਾ ਸ਼ਰਮਾ ਨਰਸਿੰਗ ਸਿਸਟਰ, ਪਿੰਕੀ ਗਿੱਲ ਸਟਾਫ ਨਰਸ, ਸ਼ੇਖਰ, ਪਰਮਿੰਦਰ ਅਤੇ ਹੋਰ ਸਟਾਫ ਹਾਜ਼ਰ ਸੀ |