ਫ਼ਿਰੋਜ਼ਪੁਰ, 12 ਮਾਰਚ (ਕੁਲਬੀਰ ਸਿੰਘ ਸੋਢੀ)-ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵਲੋਂ ਸਮੂਹ ਪ੍ਰੋਗਰਾਮ ਅਧਿਕਾਰੀਆਂ ਨਾਲ ਸਿਵਲ ਸਰਜਨ ਦਫਤਰ ਵਿਖੇ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ | ਜਿਸ ਦਾ ਮੁੱਖ ਮੰਤਵ ਜ਼ਿਲ੍ਹੇ ਵਿਚ ਚੱਲ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਸੀ | ਮੀਟਿੰਗ ਦੌਰਾਨ ਸਿਵਲ ਸਰਜਨ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ (ਜਿਵੇਂ ਕਿ ਟੀਕਾਕਰਨ, ਮੁੱਖ ਮੰਤਰੀ ਸਿਹਤ ਯੋਜਨਾ, ਐੱਚ.ਪੀ.ਵੀ ਵੈਕਸੀਨ, ਮਾਤਰੀ ਸਿਹਤ ਅਤੇ ਹੋਰ ਲੋਕ ਭਲਾਈ ਸਕੀਮਾਂ) ਦੇ ਟੀਚੇ 100 ਫ਼ੀਸਦੀ ਪੂਰੇ ਕੀਤੇ ਜਾਣ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਲੋਕ ਪੱਖੀ ਸਕੀਮਾਂ ਦਾ ਫ਼ਾਇਦਾ ਮਿਲ ਸਕੇ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਣ ਵਾਲੀਆਂ ਇਨ੍ਹਾਂ ਸਹੂਲਤਾਂ ਵਿਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਐੱਚ.ਪੀ.ਵੀ ਵੈਕਸੀਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਕੋਈ ਵੀ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝੇ ਨਾ ਰਹਿਣ | ਡਾ. ਪਰਾਸ਼ਰ ਨੇ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ | ਉਨ੍ਹਾਂ ਕੰਮ ਵਿਚ ਪਾਰਦਰਸ਼ਤਾ ਰੱਖਣ ਲਈ ਖ਼ਾਸ ਤੌਰ 'ਤੇ ਹਦਾਇਤ ਕੀਤੀ |