ਫ਼ਿਰੋਜ਼ਪੁਰ, 4 ਅਪ੍ਰੈਲ (ਗੁਰਿੰਦਰ ਸਿੰਘ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਗੁਰਦੁਆਰਾ ਗੁਰੂ ਰਾਮਦਾਸ ਪੁਰੀ, ਅਰਮਾਨਪੁਰਾ ਵਿਖੇ ਪਹੁੰਚੇ | ਜਿੱਥੇ ਉਨ੍ਹਾਂ ਨੇ ਭਗਤ ਬਾਬਾ ਮਿਲਖਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ | ਇਸ ਮੌਕੇ ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਲੋਂ ਕਰਵਾਏ ਜਾ ਰਹੇ ਧਾਰਮਿਕ ਸਮਾਗਮਾਂ ਅਤੇ ਲੋਕ ਭਲਾਈ ਦੇ ਕਾਰਜਾਂ ਦੀ ਪ੍ਰਸ਼ੰਸਾ ਕੀਤੀ | ਉਨ੍ਹਾਂ ਕਿਹਾ ਕਿ ਸੰਤ ਮਹਾਂਪੁਰਸ਼ ਗੁਰਬਾਣੀ ਦੇ ਸੰਦੇਸ਼ ਰਾਹੀਂ ਲੋਕਾਂ ਨੂੰ ਰੱਬ ਨਾਲ ਜੋੜਦੇ ਹਨ ਅਤੇ ਸਮਾਜ ਵਿਚ ਫੈਲੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਲਈ ਵੀ ਅਹਿਮ ਯੋਗਦਾਨ ਪਾਉਂਦੇ ਹਨ | ਇਸ ਦੌਰਾਨ ਭਗਤ ਬਾਬਾ ਮਿਲਖਾ ਸਿੰਘ ਵਲੋਂ ਸਪੀਕਰ ਸੰਧਵਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਜ਼ਿਕਰਯੋਗ ਹੈ ਕਿ ਭਗਤ ਬਾਬਾ ਮਿਲਖਾ ਸਿੰਘ ਪਿਛਲੇ ਕੁਝ ਸਮੇਂ ਤੋਂ ਅਸਵਸਥ ਚੱਲ ਰਹੇ ਹਨ ਅਤੇ ਇਸ ਵੇਲੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ | ਇਸ ਮੌਕੇ ਇੰਦਰਪਾਲ ਸਿੰਘ ਮੈਨੇਜਰ, ਗੁਰੂ ਰਾਮ ਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ, ਅਮਰੀਕ ਸਿੰਘ ਨੰਬਰਦਾਰ, ਭਾਈ ਨਿਰਵੈਰ ਸਿੰਘ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਮਨਿੰਦਰ ਸਿੰਘ, ਗੁਰਚਰਨ ਸਿੰਘ ਸਾਬਕਾ ਸਰਪੰਚ ਅਤੇ ਸੁਖਦੇਵ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ |