ਫ਼ਿਰੋਜ਼ਪੁਰ, 5 ਅਪ੍ਰੈਲ(ਗੁਰਿੰਦਰ ਸਿੰਘ)-1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨਾਲ ਹੋ ਰਹੇ ਅਨਿਆਂ ਅਤੇ ਜੈਤੋ ਵਿਖੇ ਮੁੱਖ ਮੰਤਰੀ ਦੀ ਰੈਲੀ ਤੋਂ ਪਹਿਲਾਂ ਉਨ੍ਹਾਂ ਨੂੰ ਜਬਰੀ ਫ਼ਰੀਦਕੋਟ ਥਾਣੇ ਵਿਚ ਨਜ਼ਰਬੰਦ ਕਰਨ ਦੀ ਘਟਨਾ ਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਤਿੱਖੀ ਨਿਖੇਧੀ ਕੀਤੀ ਗਈ ਹੈ | ਡੀ.ਟੀ.ਐੱਫ ਆਗੂਆਂ ਨੇ ਇਸ ਨੰੂ ਲੋਕਤੰਤਰਿਕ ਹੱਕਾਂ ਦੀ ਉਲੰਘਣਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਆਪਣੀ ਨਾਕਾਮੀਆਂ ਨੂੰ ਛੁਪਾਉਣ ਲਈ ਅਜਿਹੇ ਕਦਮ ਚੁੱਕ ਰਹੀ ਹੈ | ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂ ਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ ਨੇ ਸਾਂਝੇ ਬਿਆਨ ਵਿਚ ਕਿਹਾ ਕਿ 'ਆਪ' ਸਰਕਾਰ ਵਲੋਂ ਦੱਸੇ ਜਾ ਰਹੇ ਸਿੱਖਿਆ ਕ੍ਰਾਂਤੀ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ | ਆਗੂਆਂ ਨੇ ਦੋਸ਼ ਲਗਾਇਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਵਾਰ-ਵਾਰ ਮੀਟਿੰਗਾਂ ਦੇ ਨਾਂ 'ਤੇ ਪ੍ਰੋਫ਼ੈਸਰਾਂ ਨੂੰ ਖ਼ੱਜਲ਼-ਖ਼ੁਆਰ ਕੀਤਾ ਜਾ ਰਿਹਾ ਹੈ ਜਿਸ ਨਾਲ ਸਰਕਾਰ ਦੀ ਨੀਅਤ 'ਤੇ ਸਵਾਲ ਖੜੇ ਹੁੰਦੇ ਹਨ | ਡੀ.ਟੀ.ਐੱਫ ਆਗੂਆਂ ਨੇ ਕਿਹਾ ਕਿ ਸੰਘਰਸ਼ ਕਰ ਰਹੇ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਡਰਾਉਣ ਲਈ ਨਜ਼ਰਬੰਦ ਕਰਨਾ ਅਤੇ ਥਾਣਿਆਂ ਵਿਚ ਡੱਕਣਾ ਨਿੰਦਣਯੋਗ ਹੈ | ਉਨ੍ਹਾਂ ਜ਼ੋਰ ਦਿੱਤਾ ਕਿ ਜੇ ਸਰਕਾਰ ਸੱਚਮੁੱਚ ਸਿੱਖਿਆ ਖੇਤਰ ਵਿਚ ਸੁਧਾਰ ਲਿਆਉਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਖਾਲੀ ਅਸਾਮੀਆਂ ਨੂੰ ਭਰਨਾ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਵਿਸ਼ੇਸ਼ ਯੋਗਤਾ ਵਾਲੇ ਉਮੀਦਵਾਰਾਂ ਨਾਲ ਵੀ ਅਨਿਆਂ ਹੋ ਰਿਹਾ ਹੈ | ਡੀ.ਟੀ.ਐੱਫ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ 6 ਅਪ੍ਰੈਲ ਨੂੰ ਪਟਿਆਲਾ ਵਿਚ ਮੁੱਖ ਮੰਤਰੀ ਦੀ ਰੈਲੀ ਦੌਰਾਨ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ | ਡੀ.ਟੀ.ਐੱਫ ਪੰਜਾਬ ਨੇ ਮੰਗ ਕੀਤੀ ਕਿ 1158 ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਤੁਰੰਤ ਪੂਰੀ ਕਰਕੇ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਵੇ |