ਫ਼ਿਰੋਜ਼ਪੁਰ, 6 ਅਪ੍ਰੈਲ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਇੰਚਾਰਜ ਸੁਖਪਾਲ ਸਿੰਘ ਨੰਨੂ ਵਲੋਂ ਫ਼ਿਰੋਜ਼ਪੁਰ ਛਾਉਣੀ ਦੀ ਸਬਜ਼ੀ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਮੰਡੀ ਵਿਚ ਮੌਜੂਦ ਦੁਕਾਨਦਾਰਾਂ ਨਾਲ ਰੂ-ਬਰੂ ਹੋ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਦੁਕਾਨਦਾਰਾਂ ਨੇ ਸ. ਨੰਨੂ ਦੇ ਸਾਹਮਣੇ ਮੰਡੀ ਵਿਚ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਜਿਵੇਂ ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਦੀ ਕਮੀ, ਪਾਰਕਿੰਗ ਦੀ ਸਮੱਸਿਆ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਦੀ ਘਾਟ ਬਾਰੇ ਆਪਣੀ ਚਿੰਤਾ ਜ਼ਾਹਿਰ ਕੀਤੀ | ਨੰਨੂ ਨੇ ਸਾਰੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਜਾਵੇਗਾ | ਇਸ ਮੌਕੇ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਵਲੋਂ ਮਿਲਿਆ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਬਹੁਤ ਕੀਮਤੀ ਹੈ | ਉਨ੍ਹਾਂ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਹੀ ਸੱਚੀ ਸੇਵਾ ਹੈ | ਉਨ੍ਹਾਂ ਨੇ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਹਨ ਅਤੇ ਹਰ ਸੰਭਵ ਕੋਸ਼ਿਸ਼ ਕਰਦੇ ਰਹਿਣਗੇ ਕਿ ਮੰਡੀ ਵਿਚ ਸੁਵਿਧਾਵਾਂ ਨੂੰ ਬਿਹਤਰ ਬਣਾਇਆ ਜਾ ਸਕੇ | ਸ. ਨੰਨੂ ਨੇ ਸਾਰੇ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਹਿਯੋਗ ਅਤੇ ਵਿਸ਼ਵਾਸ ਹੀ ਉਨ੍ਹਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿਚ ਵੀ ਇਸ ਤਰ੍ਹਾਂ ਦੇ ਦੌਰੇ ਜਾਰੀ ਰਹਿਣਗੇ ਤਾਂ ਜੋ ਲੋਕਾਂ ਨਾਲ ਜੁੜਾਂ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਮੌਕਿਆਂ 'ਤੇ ਹੀ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕੇ | ਇਸ ਦੌਰੇ ਨਾਲ ਮੰਡੀ ਦੇ ਦੁਕਾਨਦਾਰਾਂ ਵਿਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਅਤੇ ਉਨ੍ਹਾਂ ਨੇ ਉਮੀਦ ਜਤਾਈ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੀ ਨਿਪਟਾਰਾ ਕੀਤਾ ਜਾਵੇਗਾ |