ਜ਼ੀਰਾ, 6 ਅਪ੍ਰੈਲ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਦਾ ਬੀ.ਏ ਭਾਗ-ਪਹਿਲਾ ਦਾ ਇਸ ਸਾਲ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀਆਂ ਨੇ ਮਿਹਨਤ ਅਤੇ ਲਗਨ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਨਤੀਜਿਆਂ ਅਨੁਸਾਰ ਹਰਮਨਦੀਪ ਕੌਰ ਨੇ 77.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ , ਕਮਲਜੀਤ ਕੌਰ ਨੇ 75.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕਮਲੇਸ਼ ਨੇ 74.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸ਼ਾਨਦਾਰ ਪ੍ਰਦਰਸ਼ਨ 'ਤੇ ਕਾਲਜ ਦੀ ਪਿ੍ੰਸੀਪਲ ਡਾ. ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਨਾਲ ਕੀਤੀ ਗਈ ਪੜ੍ਹਾਈ ਦਾ ਸਬੂਤ ਹਨ | ਡਾਇਰੈਕਟਰ ਸੁਖਦੇਵ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕੋਆਰਡੀਨੇਟਰ ਪ੍ਰੋ. ਸੁਰੇਖਾ ,ਪ੍ਰੋ. ਆਸ਼ਾ ਵਿਨਾਇਕ ਅਤੇ ਸਮੇਤ ਸਟਾਫ਼ ਮੈਂਬਰ ਸਵਰਨ ਸਿੰਘ, ਹਰਮਨਦੀਪ ਸਿੰਘ, ਸਿਮਰਨਜੀਤ ਕੌਰ, ਰਮਨਦੀਪ ਕੌਰ, ਵਨੀਤਾ, ਅਮਾਨਤ, ਜਸਪ੍ਰੀਤ ਕੌਰ, ਪਲਕਪ੍ਰੀਤ ਕੌਰ, ਰੋਮਨਪ੍ਰੀਤ ਕੌਰ, ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ ਅਤੇ ਜਸਕੀਰਤ ਸਿੰਘ ਹਾਜ਼ਰ ਸਨ | ਅਖੀਰ 'ਚ ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਸੰਸਥਾ ਦੀ ਉੱਚ ਕੋਟੀ ਦੀ ਸਿੱਖਿਆ ਅਤੇ ਵਿਦਿਆਰਥੀਆਂ ਦੀ ਲਗਨ ਨੂੰ ਦਰਸਾਉਂਦੇ ਹਨ |