ਫਿਰੋਜ਼ਪੁਰ, 6 ਅਪ੍ਰੈਲ (ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ.ਅਮਨਦੀਪ ਕੌਰ ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ 152 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ | ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸ਼ਡਿਊਲ ਐੱਚ, ਐੱਚ-1 ਅਤੇ ਐਕਸ ਦਵਾਈਆਂ ਵੇਚਣ ਵਾਲੀਆਂ ਫਾਰਮੇਸੀ/ਕੈਮਿਸਟ ਦੀਆਂ ਦੁਕਾਨਾਂ ਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾਣ ਦੇ ਹੁਕਮ ਜਾਰੀ ਕੀਤੇ ਹਨ | ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੇਸ਼ ਦੀ ਸਰਵਉੱਚ ਅਦਾਲਤ ਵਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿਚ ਪਾਸ ਕੀਤੇ ਹੁਕਮ ਦੀ ਰੌਸ਼ਨੀ 'ਚ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਵਿਚ ਬੋਰਵੈੱਲਾਂ/ ਟਿਊਬਵੈੱਲਾਂ ਦੀ ਖ਼ੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ 'ਚ ਡਿੱਗਣ ਦੇ ਖ਼ਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਬਿਨਾਂ ਮਨਜ਼ੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ 'ਤੇ ਰੋਕ ਲਗਾਉਂਦਿਆਂ ਇਸ ਲਈ ਸਮਰੱਥ ਅਧਿਕਾਰੀ ਪਾਸੋਂ ਬਾ-ਸ਼ਰਤ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਹੈ | ਜਾਰੀ ਹੁਕਮ ਅਨੁਸਾਰ ਜ਼ਮੀਨ ਮਾਲਕ ਵਾਸਤੇ ਬੋਰਵੈੱਲ ਪੁੱਟਣ ਤੋਂ ਪਹਿਲਾਂ ਸਬੰਧਤ ਜ਼ਿਲ੍ਹਾ ਕਲੈਕਟਰ, ਬੀ. ਡੀ. ਪੀ.ਓ., ਸਬੰਧਤ ਗਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਗਰਾਊਾਡ ਵਾਟਰ ਵਿਭਾਗ ਨੂੰ 15 ਦਿਨ ਪਹਿਲਾਂ ਸੂਚਿਤ ਕਰਨਾ ਜ਼ਰੂਰੀ ਹੋਵੇਗਾ | ਇਸ ਦੇ ਨਾਲ ਹੀ ਬੋਰਵੈੱਲ ਕਰਨ ਵਾਲੀ ਡਰਿਲਿੰਗ ਏਜੰਸੀ ਦੇ ਨਾਂ ਅਤੇ ਰਜਿਸਟਰੇਸ਼ਨ ਨੰਬਰ ਅਤੇ ਜ਼ਮੀਨ ਮਾਲਕ ਦਾ ਪੂਰਾ ਨਾਮ ਤੇ ਪਤਾ, ਸਬੰਧਤ ਬੋਰ ਕਰਨ ਵਾਲੀ ਥਾਂ ਨੇੜੇ ਹੋਣਾ ਲਾਜ਼ਮੀ ਹੈ | ਬੋਰਵੈੱਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ ਬੋਲਟ ਲਗਾ ਕੇ ਬੰਦ ਕਰਨਾ ਲਾਜ਼ਮੀ ਹੋਵੇਗਾ | ਬੋਰਵੈੱਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦੇ ਪਲੇਟਫ਼ਾਰਮ ਦੀ ਉਸਾਰੀ ਲਾਜ਼ਮੀ ਹੋਵੇਗੀ | ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਜੇਕਰ ਖਾਲੀ ਥਾਂ ਕੋਈ ਹੋਵੇ ਤਾਂ ਉਸ ਨੂੰ ਮਿੱਟੀ ਨਾਲ ਭਰਿਆ ਜਾਵੇ |